ਚੰਡੀਗੜ੍ਹ, 19 ਮਾਰਚ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ (19 ਮਾਰਚ) ਨੂੰ ਸੱਤਵੇਂ ਦੌਰ ਦੀ ਗੱਲਬਾਤ ਹੋ ਰਹੀ ਹੈ। ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਮੀਟਿੰਗ ‘ਚ ਪੁੱਜੇ ਹਨ।
ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ ਪੰਜਾਬ ਸਰਕਾਰ ਦੀ ਤਰਫੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ।
ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਮੀਟਿੰਗ ਤੋਂ ਪਹਿਲਾਂ ਮੁਹਾਲੀ ਤੋਂ ਚੰਡੀਗੜ੍ਹ ਆ ਰਹੇ ਕਿਸਾਨਾਂ ਨੂੰ ਚੰਡੀਗੜ੍ਹ ਪੁਲੀਸ ਨੇ ਸਰਹੱਦ ’ਤੇ ਰੋਕ ਲਿਆ। ਪੁਲੀਸ ਨੇ ਕਰੀਬ 35-40 ਵਾਹਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਜਾਣ ਦੇਣ ਦਾ ਕੋਈ ਹੁਕਮ ਨਹੀਂ ਮਿਲਿਆ ਹੈ। ਕਰੀਬ ਅੱਧੇ ਘੰਟੇ ਬਾਅਦ ਕਿਸਾਨਾਂ ਨੂੰ ਜਾਣ ਦਿੱਤਾ ਗਿਆ।