ਚੰਡੀਗੜ੍ਹ : ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਸਰਹੱਦਾਂ ‘ਤੇ 700 ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਨ੍ਹਾਂ ਦੀ ਗਿਣਤੀ ਮਾਰਚ ਤੱਕ ਪੂਰੀ ਹੋ ਜਾਵੇਗੀ। ਇਸ ਪ੍ਰਾਜੈਕਟ ਲਈ ਕੁੱਲ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਭਾਰਤ ਦੇ ਅੰਦਰ ਸਥਿਤ ਹੋਰ ਰਾਜਾਂ ਨਾਲ ਆਪਣੀ ਸਰਹੱਦ ਸਾਂਝੀ ਕਰਦਾ ਹੈ। ਇਸ ਕਾਰਨ ਪੰਜਾਬ ਲਈ ਸਰਹੱਦਾਂ ਦੀ ਸੁਰੱਖਿਆ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ।
ਡੀਜੀਪੀ ਯਾਦਵ ਨੇ ਕਿਹਾ ਕਿ ਸਰਹੱਦ ‘ਤੇ ਨਸ਼ਿਆਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐਸ.ਐਫ ਅਤੇ ਫੌਜ ਦੇ ਨਾਲ ਮਿਲ ਕੇ ਮਜ਼ਬੂਤ ਰਣਨੀਤੀ ਬਣਾਈ ਗਈ ਹੈ। ਇਸ ਤਹਿਤ ਸੈਕਿੰਡ ਲਾਈਨ ਆਫ ਡਿਫੈਂਸ ਤਿਆਰ ਕੀਤੀ ਜਾ ਰਹੀ ਹੈ, ਜਿਸ ਲਈ 5000 ਹੋਮਗਾਰਡ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਮੁੱਖ ਮਕਸਦ ਸਰਹੱਦ ਪਾਰ ਨਸ਼ਾ ਤਸਕਰੀ ਨੂੰ ਰੋਕਣਾ ਹੈ ਅਤੇ ਇਸ ਲਈ ਤਕਨਾਲੋਜੀ ਦੇ ਨਾਲ-ਨਾਲ ਮੈਨਪਾਵਰ ਵੀ ਵਧਾਇਆ ਜਾ ਰਿਹਾ ਹੈ। ਡੀਜੀਪੀ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮਿਸ਼ਨ ਤੋਂ ਪਿੱਛੇ ਨਹੀਂ ਹਟੇਗੀ।