ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਅਗਲੇ ਸਾਲ ਵੀ ਰਹੇਗੀ ਜਾਰੀ: ਡਾ. ਬਲਜੀਤ ਕੌਰ

0
60
ਮਲੋਟ (ਸ੍ਰੀ ਮੁਕਤਸਰ ਸਾਹਿਬ), 27 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਨੇ ਸਮਾਜਿਕ ਨਿਆਂ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ 9,340 ਕਰੋੜ ਰੁਪਏ ਰਾਖਵੇਂ ਰੱਖਣ ਦਾ ਐਲਾਨ ਕੀਤਾ ਹੈ, ਜੋ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਮੁਹਈਆ ਕਰਵਾਉਣ ‘ਚ ਵਰਤੇ ਜਾਣਗੇ।
ਡਾ ਬਲਜੀਤ ਕੌਰ ਨੇ ਮਹਿਲਾਵਾਂ ਦੀ ਸੁਖ-ਸਹੂਲਤ ਅਤੇ ਆਰਥਿਕ ਸਸ਼ਕਤੀਕਰਨ ਵੱਲ ਬਜਟ ਦੇ ਵਿਸ਼ੇਸ਼ ਧਿਆਨ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁਫ਼ਤ ਬੱਸ ਯਾਤਰਾ ਦੀ ਸਹੂਲਤ, ਜੋ ਕਿ ਮਹਿਲਾਵਾਂ ਦੀ ਆਵਾਜਾਈ ਨੂੰ ਸੁਗਮ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਆਜ਼ਾਦੀ ਨੂੰ ਵਧਾਉਣ ‘ਚ ਮਦਦਗਾਰ ਬਣੀ, ਅਗਲੇ ਸਾਲ ਲਈ ਵੀ ਜਾਰੀ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ 12 ਕਰੋੜ ਤੋਂ ਵੱਧ ਮਹਿਲਾਵਾਂ ਨੇ ਇਸ ਸਹੂਲਤ ਦਾ ਲਾਭ ਲਿਆ, ਜਿਸ ਲਈ 450 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ‘ਚ ਲਗਾਤਾਰ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਹਾਸ਼ੀਆਗ੍ਰਸਤ ਵਰਗਾਂ ਦੀ ਆਰਥਿਕ ਤਰੱਕੀ ਨੂੰ ਤਰਜ਼ੀਹ ਦਿੰਦੇ ਹੋਏ 13,987 ਕਰੋੜ ਰੁਪਏ ਰਾਖਵੇਂ ਰੱਖੇ ਹਨ, ਜੋ ਕਿ ਸੂਬੇ ਦੇ ਕੁੱਲ ਵਿਕਾਸ ਬਜਟ ਦਾ 34% ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿੱਤੀ ਸਾਲ 2025 -26 ਲਈ ਪੋਸ਼ਣ ਅਤੇ ਆਈ. ਸੀ. ਡੀ. ਐੱਸ. ਯੋਜਨਾ ਲਈ 1177 ਕਰੋੜ ਰੁਪਏ, ਅਸ਼ੀਰਵਾਦ ਯੋਜਨਾ ਲਈ 360 ਕਰੋੜ ਰੁਪਏ, ਵੱਖ – ਵੱਖ ਵਜ਼ੀਫਾ ਪ੍ਰੋਗਰਾਮਾਂ ਲਈ 262 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਯਕ੍ਰਮ ਦੇ ਹੇਠ 170 ਕਰੋੜ ਰੁਪਏ ਦਾ ਉਪਬੰਧ ਵੀ ਸ਼ਾਮਲ ਹੈ ।

LEAVE A REPLY

Please enter your comment!
Please enter your name here