ਗੁਰਦਾਸਪੁਰ, 21 ਅਪ੍ਰੈਲ- ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ
ਗੁਰਦਾਸਪੁਰ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟਰਿਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ’ਚ 37 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਲਗਭਗ 33.5 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ’ਚ 3234 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਦੌਰੇ ਦੌਰਾਨ ਫ਼ਿਲਹਾਲ ਕੋਈ ਮੁਸ਼ਕਲ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਓਥੇ ਰਾਜ ਸਰਕਾਰ ਨੇ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੀ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਮਜ਼ਦੂਰੀ ਦੇ ਰੇਟਾਂ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਮੰਡੀਆਂ ਵਿੱਚ ਲੋਡਿੰਗ ਕਰਦੇ ਮਜ਼ਦੂਰਾਂ ਦੀ ਮਜ਼ਦੂਰੀ ਦਾ ਰੇਟ 1.80 ਰੁਪਏ ਤੋਂ ਵਧਾ ਕੇ 2.64 ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਰਾਜ ਸਰਕਾਰ ਦੇ ਇਸ ਫ਼ੈਸਲੇ ਨਾਲ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ 10 ਕਰੋੜ ਰੁਪਏ ਦਾ ਲਾਭ ਮਿਲੇਗਾ।