ਬਟਾਲਾ, 22 ਅਪ੍ਰੈਲ – ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਨ, ਉਨ੍ਹਾਂ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਵਿਆਪਕ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਦਾ ਉਦੇਸ਼ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਹੈ, ਉਹ ਹਕੀਕਤ ਵਿੱਚ ਕਰਕੇ ਦਿਖਾਇਆ ਹੈ, ਜਿਸ ਦੀ ਮਿਸਾਲ ਸੂਬੇ ਦੇ 12 ਹਜ਼ਾਰ ਸਕੂਲਾਂ ’ਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ’ਤੇ ਸੂਬਾ ਸਰਕਾਰ ਵੱਲੋਂ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ।
ਅੱਜ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਾਂਗੜਾ ਵਿਖੇ 9 ਲੱਖ 52 ਹਜ਼ਾਰ 800 ਰੁਪਏ, ਬਹਾਦਰਪੁਰ ਰਜੋਆ ਵਿਖੇ 21 ਲੱਖ 12 ਹਜ਼ਾਰ ਰੁਪਏ , ਔਲਖ ਕਲਾਂ ਵਿਖੇ 9 ਲੱਖ 71 ਹਜ਼ਾਰ ਰੁਪਏ, ਔਲਖ ਖੁਰਦ ਵਿਖੇ 7 ਲੱਖ 51 ਹਜ਼ਾਰ ਰੁਪਏ ਤੇ ਨਵੀਂ ਕੀੜੀ ਵਿਖੇ 16 ਲੱਖ 12 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਸ੍ਰੀ ਹਰਗੋਬਿੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔਲਖ ਖੁਰਦ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।