ਕੋਰੋਨਾ ਮਹਾਂਮਾਰੀ ਦੌਰਾਨ ਪੱਤਰਕਾਰ ਭਾਈਚਾਰੇ ਵੱਲੋਂ ਦੇਸ਼ ਵਾਸੀਆਂ ਨੂੰ ਹਰ ਪਲ ਦੀ ਜਾਣਕਾਰੀ ਦਿੱਤੀ ਗਈ ਤੇ ਹੁਣ ਵੀ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਰਹੇ ਹਨ। ਇਸੇ ਦੌਰਾਨ ਬਹੁਤ ਸਾਰੇ ਪੱਤਰਕਾਰਾਂ ਦੀ ਜਾਨ ਵੀ ਚਲੀ ਗਈ। ਇਸ ਲਈ ਭਾਰਤ ਸਰਕਾਰ ਨੇ ਕੋਵਿਡ-19 ਕਾਰਨ ਮਾਰੇ ਗਏ 101 ਪੱਤਰਕਾਰਾਂ ‘ਚੋਂ ਹਰ ਇੱਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਲਈ 5.05 ਕਰੋੜ ਰੁਪਏ ਮਨਜ਼ੂਰ ਕੀਤੇ ਹਨ।
ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਸ਼ੁੱਕਰਵਾਰ ਨੂੰ ਲੋਕਸਭਾ ‘ਚ ਇੱਕ ਲਿਖਤੀ ਸਵਾਲ ਦੇ ਜਵਾਬ ‘ਚ ਕਿਹਾ ਕਿ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਅਜਿਹੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰੈੱਸ ਸੂਚਨਾ ਬਿਊਰੋ ਵੱਲੋਂ ਪ੍ਰਾਪਤ ਅਰਜ਼ੀਆਂ ਦੇ ਆਧਾਰ ‘ਤੇ 2020 ਤੇ 2021 ਦੌਰਾਨ ਕੋਵਿਡ-19 ਕਾਰਨ ਮਾਰੇ ਗਏ 101 ਪੱਤਰਕਾਰਾਂ ਦੇ ਪਰਿਵਾਰਾਂ ਲਈ 5.05 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਲਈ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵੱਲੋਂ ਪੱਤਰਕਾਰ ਭਲਾਈ ਯੋਜਨਾ ਤਹਿਤ ਤੈਅ ਸ਼ਰਤਾਂ ਪੂਰੀਆਂ ਕਰਨ ਵਾਲੇ ਪਰਿਵਾਰਾਂ ‘ਚੋਂ ਹਰੇਕ ਨੂੰ ਪੰਜ ਲੱਖ ਦੀ ਦਰ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ।