6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੱਜ ਬਾਬਾ ਹਰਨਾਮ ਸਿੰਘ ਨਾਲ ਕਰੇਗਾ ਮੁਲਾਕਾਤ

0
69

ਅੰਮ੍ਰਿਤਸਰ, 2 ਜੂਨ – ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਅੱਜ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਜਾਵੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ। ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੀ ਸੰਵੇਦਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਹਰ ਸਾਲ ਸਿੱਖ ਕੌਮ ਸ਼ਹੀਦੀ ਸਮਾਗਮ ਕਰਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਗੁਰਪੁਰਬ ਮਨਾ ਰਹੀਆਂ ਸੈਂਕੜੇ ਬੇਦੋਸ਼ੀਆਂ ਸੰਗਤਾਂ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਸਭ ਨੂੰ ਇੱਕ ਕਦਮ ਅੱਗੇ ਵਧਾਉਣਾ ਪਵੇਗਾ ਅਤੇ ਕੌਮੀ ਹਿਤਾਂ ਨੂੰ ਪਹਿਲ ਦੇਣੀ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹੁੰਦਿਆਂ ਮੌਜੂਦਾ ਬਣੇ ਹਾਲਾਤਾਂ ਤੋਂ ਉਹ ਚਿੰਤਤ ਤਾਂ ਜਰੂਰ ਹਨ, ਪਰ ਇਸ ਦਾ ਸਾਥਰਿਕ ਰਾਹ ਲੱਭ ਜਾਣ ਲਈ ਪੂਰਨ ਤੌਰ ਉਤੇ ਆਸਵੰਦ ਵੀ ਹਨ।
ਸ਼੍ਰ ਮਣੀ ਕਮੇਟੀ ਪ੍ਰਧਾਨ ਨੇ ਪੂਰੀ ਕੌਮ ਨੂੰ ਅਪੀਲ ਕੀਤੀ ਕਿ ਜੇਕਰ ਸਾਡੀਆਂ ਕੌਮੀ ਤਰਜੀਹਾਂ ਸੂਝ ਸਿਆਣਪ ਨਾਲ ਕੌਮ ਦੀ ਚੜ੍ਹਦੀ ਕਲਾ ਵੱਲ ਸੇਧਤ ਹੋਣ ਤਾਂ ਦੁਨੀਆਂ ਅੰਦਰ ਸਿੱਖੀ ਦੀ ਬੁਲੰਦੀ ਨੂੰ ਕੋਈ ਰੋਕ ਨਹੀਂ ਸਕਦਾ।

LEAVE A REPLY

Please enter your comment!
Please enter your name here