ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ – ਐਡਵੋਕੇਟ ਧਾਮੀ

0
38

ਅੰਮ੍ਰਿਤਸਰ, 19 ਜੂਨ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਆਪਸੀ ਜੰਗ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਹੈ।

ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਲਈ ਸਰਵਉੱਚ ਹਨ, ਜਿਨ੍ਹਾਂ ਦਾ ਸਤਿਕਾਰ ਤੇ ਸੁਰੱਖਿਆ ਸਿੱਖ ਪੰਥ ਲਈ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਈਰਾਨ ਤੇ ਇਜ਼ਰਾਈਲ ਵਿਚ ਜੰਗ ਦੇ ਨਾਜ਼ੁਕ ਹਾਲਾਤਾਂ ਕਾਰਨ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਕੂਟਨੀਤਕ ਸਬੰਧਾਂ ਅਤੇ ਅੰਤਰਰਾਸ਼ਟਰੀ ਮੰਚਾਂ ਦੀ ਵਰਤੋਂ ਕਰਦਿਆਂ ਈਰਾਨ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਨਾਲ ਸੰਪਰਕ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਉਨ੍ਹਾਂ ਦਾ ਸਤਿਕਾਰ ਬਣਿਆ ਰਹੇ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਈਰਾਨ ਅਤੇ ਇਜ਼ਰਾਈਲ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਸਰਕਾਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਤੁਰੰਤ ਕਾਰਵਾਈ ਕਰੇਗੀ।

LEAVE A REPLY

Please enter your comment!
Please enter your name here