ਚੰਡੀਗੜ੍ਹ: ਪੰਜਾਬ ਦੀ ਸਿਆਸਤ ‘ਚ ਹਰ ਦਿਨ ਨਵੀਆਂ ਚਰਚਾ ਹੋ ਰਹੀਆਂ ਹਨ। ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕੈਪਟਨ ਨੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ।
ਦੱਸ ਦਈਏ ਕਿ ਇਹ ਸਮਾਂ ਕੇਂਦਰ ਸਰਕਾਰ ਲਈ ਵੀ ਬੇਹੱਦ ਅਹਿਮ ਹੈ, ਕਿਉਂਕਿ ਪੰਜਾਬ ਸਣੇ ਹੋਰ ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹਨ ਜਿਨ੍ਹਾਂ ‘ਚ ਆਪਣੀ ਸਾਖ਼ ਕਾਇਮ ਰੱਖਣ ਲਈ ਭਾਜਪਾ ਸਰਕਾਰ ਨੂੰ ਸੋਚ ਸਮਝ ਕੇ ਕਦਮ ਚੁੱਕਣ ਦੀ ਲੋੜ ਹੈ। ਹੁਣ ਚਰਚਾ ਹੋ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ।
ਇਸ ਦੇ ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਆਜ਼ਾਦੀ ਦਿਵਸ ਤੋਂ ਪਹਿਲਾਂ ਖੇਤੀਬਾੜੀ ਕਾਨੂੰਨਾਂ ਤੇ ਪੰਜਾਬ ਦੀ ਸੁਰੱਖਿਆ ਸਥਿਤੀ ‘ਤੇ ਮੋਦੀ ਨਾਲ ਵਿਚਾਰ-ਵਟਾਂਦਰਾ ਕਰਨਗੇ, ਪਰ ਜਿਸ ਤਰੀਕੇ ਨਾਲ ਉਨ੍ਹਾਂ ਦਾ ਨਵਜੋਤ ਸਿੱਧੂ ਨਾਲ ਵਿਵਾਦ ਚੱਲ ਰਿਹਾ ਹੈ, ਉਸ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਨਾ ਸਿਰਫ ਪੰਜਾਬ ਵਿੱਚ ਬਲਕਿ ਦੂਜੇ ਸੂਬਿਆਂ ਦੇ ਕਿਸਾਨਾਂ ਵਿੱਚ ਵੀ ਕਾਫੀ ਨਾਰਾਜ਼ਗੀ ਹੈ। ਅਮਰਿੰਦਰ ਨੇ ਚਿੰਤਾ ਜ਼ਾਹਰ ਕੀਤੀ ਕਿ ਸਰਹੱਦ ਪਾਰੋਂ ਦੁਸ਼ਮਣ ਭਾਰਤ ਸਰਕਾਰ ਵਿਰੁੱਧ ਅਸੰਤੁਸ਼ਟੀ ਦਾ ਲਾਭ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਕਿਸਾਨਾਂ ਦੇ ਮਸਲੇ ਦਾ ਸਥਾਈ ਤੇ ਛੇਤੀ ਨਿਪਟਾਰਾ ਹੋਣਾ ਚਾਹੀਦਾ ਹੈ।