ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ (Counter Intelligence (CI) Amritsar) ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ (Illegal weapons smuggling module) ਦਾ ਪਰਦਾਫ਼ਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ ।
8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਗ੍ਰਿਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸਾਂਕੇ ਦੇ ਵਸਨੀਕ ਸਰਬਜੀਤ ਸਿੰਘ, ਫਿਰੋਜ਼ਪੁਰ ਦੇ ਪਿੰਡ ਲੰਗਿਆਣਾ ਦੇ ਵਸਨੀਕ ਕੁਲਵਿੰਦਰ ਸਿੰਘ ਅਤੇ ਰੇਲਵੇ ਰੋਡ , ਤਰਨਤਾਰਨ ਦੇ ਵਸਨੀਕ ਅਸ਼ਮਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9ਐਮਐਮ ਗਲੌਕ ਪਿਸਤੌਲ, ਤਿੰਨ .30 ਬੋਰ ਦੇ ਚਾਈਨੀਜ਼ ਪਿਸਤੌਲ ਅਤੇ ਦੋ .30 ਬੋਰ ਦੇ ਪੀਐਕਸ-5 ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ ਅਤੇ ਇੱਕ ਸਪਲੈਂਡਰ ਮੋਟਰਸਾਈਕਲ (ਪੀਬੀ05-ਏਟੀ-1664), ਜਿਸਦੀ ਵਰਤੋਂ ਉਹ ਖੇਪਾਂ ਦੀ ਢੋਆ-ਢੁਆਈ ਲਈ ਕਰਦੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ ।
ਪੰਜਾਬ ਵਿੱਚ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਹਥਿਆਰ
ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਸਿਕੰਦਰ ਨੂਰ, ਵਾਸੀ ਮਨੀਹਾਲਾ (ਪਾਕਿਸਤਾਨ) ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ, ਜੋ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਦੀ ਖੇਪਾਂ ਪਹੁੰਚਾਉਂਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇਹ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਾਉਂਦੇ ਸਨ ।
Read More : ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ