ਪਟਿਆਲਾ, 5 ਅਗਸਤ 2025 : ਪੰਜਾਬ ਸਰਕਾਰ (Punjab Government) ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਦੇ ਗਰੁੱਪ ਦੇ ਮੈਂਬਰ ਮੰਤਰੀ ਹਰਭਜਨ ਸਿੰਘ ਈ.ਟੀ. ਓ. ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਕਰ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕ ਕੀਤੀ ।
ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਜਾਰੀ ਕੀਤੀਆਂ ਹਦਾਇਤਾਂ
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਹਦਾਇਤਾਂ ਜਾਰੀ ਕੀਤੀਆਂ । ਮੀਟਿੰਗ ਬਾਅਦ ਕੈਬਨਿਟ ਮੰਤਰੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ (Sri Guru Tegh Bahadur Sahib) ਦੇ ਪਵਿੱਤਰ ਅਸਥਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਅਰਦਾਸ ਕੀਤੀ ਅਤੇ ਸਮੂਹ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਕੀਤੀ ।
ਪੰਜਾਬ ‘ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ
ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਪੰਜਾਬ ‘ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ(135 places are touched by the feet of Sri Guru Tegh Bahadur Sahib) , ਜਿਨ੍ਹਾਂ ‘ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ, ਜਿਨ੍ਹਾਂ ਦੇ ਚਹੁੰਪੱਖੀ ਵਿਕਾਸ ਲਈ 70 ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ ਗਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ ।
ਉਨ੍ਹਾਂ ਦੱਸਿਆ ਕਿ ਇਹ ਦਿਹਾੜਾ 19 ਨਵੰਬਰ ਤੋਂ 25 ਨਵੰਬਰ ਤੱਕ 6 ਦਿਨ ਰਾਜ ਪੱਧਰੀ ਸਮਾਗਮ (6-day state-level event from November 19 to November 25) ਕਰਵਾ ਕੇ ਰਾਜ ਸਰਕਾਰ ਵੱਲੋਂ ਇੱਕ ਨਿਮਾਣੇ ਸੇਵਕ ਵਜੋਂ ਪੂਰੀ ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਮੁਤਾਬਕ ਮਨਾਇਆ ਜਾਵੇਗਾ, ਇਸ ਲਈ ਸਮੁੱਚੇ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਇੱਕ ਸ਼ਰਧਾਲੂ ਦੀ ਤਰ੍ਹਾਂ ਨਿਭਾਉਣ ਕਿਉਂਕਿ ਸਾਡੇ ਲਈ ਇਹ ਬਹੁਤ ਭਾਗਾਂ ਵਾਲਾ ਸੁਨਹਿਰੀ ਮੌਕਾ ਹੈ ਜਦੋਂ ਅਸੀਂ 350 ਸਾਲਾ ਸ਼ਤਾਬਦੀ ਸਮਾਗਮ ਮਨਾ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਣ ਜਾ ਰਹੇ ਹਾਂ ।
ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਦਿਹਾੜਾ ਸਾਡੇ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ ਦਾ ਮੌਕਾ ਹੈ
ਇਸ ਮੌਕੇ ਸਲਾਹਕਾਰ ਦੀਪਕ ਬਾਲੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੋਗਰਾਮਾਂ ਦੌਰਾਨ ਇੱਕ ਸੇਵਾਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਦਿਹਾੜਾ ਸਾਡੇ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ ਦਾ ਮੌਕਾ ਹੈ, ਇਸ ਲਈ ਆਉ ਸਾਰੇ ਰਲਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਇਸ ਮੌਕੇ ਵਿਸ਼ੇਸ਼ ਇਕ ਪੁਲ ਦਾ ਕੰਮ ਕਰਕੇ ਆਪਣਾ ਯੋਗਦਾਨ ਪਾਈਏ । ਦੀਪਕ ਬਾਲੀ ਨੇ ਦੱਸਿਆ ਕਿ ਇਤਿਹਾਸਕ ਹਵਾਲਿਆ ਮੁਤਾਬਕ ਪਟਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 3 ਮਹੀਨਿਆਂ ਤੋਂ ਵਧੇਰੇ ਸਮਾਂ ਬਿਤਾਇਆ ਹੈ, ਇਸ ਲਈ ਪਟਿਆਲਾ ਇੱਕ ਗੁਰੂ ਸਾਹਿਬ ਤੋਂ ਵਰੋਸਾਇਆ ਸ਼ਹਿਰ ਹੈ । ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਇਕੱਲੇ ਸਿੱਖ ਹੀ ਨਹੀਂ ਬਲਕਿ ਹਰ ਪੰਜਾਬ ਵਾਸੀ ਤੇ ਕੁਲ ਦੁਨੀਆਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ ।
ਇਸ ਮੌਕੇ ਚਾਰ ਸਥਾਨਾਂ ਤੋਂ ਪੁੱਜਣਗੀਆਂ ਸ੍ਰੀ ਆਨੰਦਪੁਰ ਸਾਹਿਬ ਯਾਤਰਾਵਾਂ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ. ਟੀ. ਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ ‘ਤੇ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਸ ਮੌਕੇ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜਿਨਾਂ ਵਿੱਚ ਕਸ਼ਮੀਰ ਸਮੇਤ ਗੁਰਦਾਸਪੁਰ ਤੋਂ ਮਾਝਾ, ਦੁਆਬਾ ਤੋਂ ਯਾਤਰਾ ਸਮੇਤ ਮਾਲਵਾ ਤੋਂ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਜਦਕਿ 20 ਨਵੰਬਰ ਨੂੰ ਬਠਿੰਡਾ ਤੋਂ ਚੱਲਣ ਵਾਲੀ ਮਾਲਵਾ-2 ਯਾਤਰਾ ਰਾਤ ਨੂੰ ਪਟਿਆਲਾ ਵਿਖੇ ਪੁੱਜੇਗੀ ਤੇ ਵਿਸ਼ਰਾਮ ਕਰੇਗੀ ।
ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ
ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ । ਇਸੇ ਦਿਨ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੌਂਵੇ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ।ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ ।
ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖ਼ਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖ਼ਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ । ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। ਇਸੇ ਦਿਨ ਪੰਜ ਪਿਆਰਾ ਪਾਰਕ ਵਿਚ ‘ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ’ ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਹ ਸ਼ੋ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਕਰਵਾਇਆ ਜਾਵੇਗਾ ।
Read More : ਪੰਜਾਬ ਸਰਕਾਰ ਵੱਲੋਂ ਅਨਾਥ ਬੱਚਿਆਂ ਲਈ ਪੈਨਸ਼ਨ ਸਕੀਮ ਵਜੋਂ ਮਦਦ