ਪਟਿਆਲਾ, 25 ਅਗਸਤ 2025 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਅੱਜ ਤਹਿਸੀਲਦਾਰ ਪਟਿਆਲਾ ਦਫ਼ਤਰ ਦਾ ਨਿਰੀਖਣ ਕੀਤਾ । ਇਸ ਮੌਕੇ ਉਨ੍ਹਾਂ ਤਹਿਸੀਲਦਾਰ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਪ੍ਰਾਪਤ ਕੀਤੀ ।
ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼
ਆਪਣੇ ਨਿਰੀਖਣ ਦੌਰਾਨ ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਮਾਲ ਅਦਾਲਤ ‘ਚ ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਮੀਨੀ ਤਕਸੀਮ, ਨਿਸ਼ਾਨਦੇਹੀ, ਪੈਮਾਇਸ਼, ਖ਼ਸਰਾ-ਗਿਰਦਾਵਰੀ, ਨੰਬਰਦਾਰੀ ਤੇ ਚੌਕੀਦਾਰੀ ਦੇ ਕੇਸਾਂ ਦਾ ਨਿਪਟਾਰਾ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਿਨ੍ਹਾਂ ਕਿਸੇ ਕਾਰਨ ਤਾਰੀਕਾਂ ਪਾਉਣ ਵਾਲੇ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਤਹਿਸੀਲਦਾਰ ਦਫ਼ਤਰ ਕੰਮ ਕਰਵਾਉਣ ਆਏ ਲੋਕਾਂ ਨਾਲ ਕੀਤੀ ਗੱਲਬਾਤ ਲਈ ਫੀਡਬੈਕ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਹਿਸੀਲਦਾਰ ਅਤੇ ਹੋਰ ਮਾਲ ਅਧਿਕਾਰੀ (Tehsildar and other revenue officers) ਨਿਸ਼ਚਿਤ ਸਮੇਂ ‘ਤੇ ਕੋਰਟ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਦੂਰ ਦੁਰਾਡੇ ਤੋਂ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ ਵੱਖ ਦਫ਼ਤਰਾਂ ਦੇ ਨਿਰੀਖਣ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ । ਉਨ੍ਹਾਂ ਕਿਹਾ ਕਿ ਕੰਮ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ ।
ਲੋਕਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ : ਡਿਪਟੀ ਕਮਿਸ਼ਨਰ
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਤਹਿਸੀਲਦਾਰ ਦਫ਼ਤਰ ਸਮੇਤ ਹੋਰਨਾਂ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ ‘ਤੇ ਹੋਣ ਵਾਲੇ ਕੰਮਾਂ ਨੂੰ ਤੁਰੰਤ ਕਰਵਾਇਆ । ਉਨ੍ਹਾਂ ਲੋਕਾਂ ਪਾਸੋਂ ਫੀਡਬੈਕ ਵੀ ਪ੍ਰਾਪਤ ਕੀਤੀ ਤਾਂ ਜੋ ਕੰਮ ਵਿੱਚ ਹੋਰ ਪਾਰਦਰਸ਼ਤਾਂ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ, ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ ਵੀ ਮੌਜੂਦ ਸਨ ।
Read More : ਡੀ. ਸੀ. ਵੱਲੋਂ ਡੇਂਗੂ ਰੋਕਥਾਮ ਤੇ ਡਾੱਗ ਵੈਕਸੀਨੇਸ਼ਨ ‘ਤੇ ਜ਼ੋਰ