ਪੰਜਾਬ ਸਰਕਾਰ ਸੰਕਟ ਦੀ ਘੜ੍ਹੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ : ਡਾ. ਬਲਬੀਰ ਸਿੰਘ

0
34
Health Minister

ਚੰਡੀਗੜ੍ਹ/ਗੁਰਦਾਸਪੁਰ, ਚੰਡੀਗੜ੍ਹ, 1 ਸਤੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਵੱਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

ਇਸ ਮੌਕੇ ਡਾ. ਬਲਬੀਰ ਸਿੰਘ (Dr. Balbir Singh) ਨੇ ਹੜ੍ਹ ਪ੍ਰਭਾਵਿਤ ਖੇਤਰਾਂ `ਚੋਂ ਰਾਹਤ ਕੈਂਪਾਂ ਵਿੱਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਹ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ । ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।

ਰਾਹਤ ਕੈਂਪਾਂ ਵਿੱਚ ਡਾਕਟਰੀ ਸੇਵਾਵਾਂ ਦੀ ਕੀਤੀ ਸਮੀਖਿਆ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ (Visit to flood affected areas) ਕਰ ਰਹੇ ਹਨ ਅਤੇ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ । ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ । ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।

ਕਿਹਾ, ਸਿਹਤ ਸੰਭਾਲ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ (People should not face any health problems during the crisis.) ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਹੜ੍ਹ ਦੇ ਪਾਣੀ ਨਾਲ ਹੋਣ ਵਾਲੇ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰਨਾਂ ਬਿਮਾਰੀ ਦੇ ਖਤਰੇ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ । ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ ਪੈਰਾ ਮੈਡੀਕਲ ਸਟਾਫ਼ ਸਮੇਤ 100 ਐਂਬੂਲੈਂਸਾਂ ਦੀ ਮੰਗ ਕੀਤੀ ਹੈ ਜੋ ਜਲਦੀ ਹੀ ਪਹੁੰਚ ਜਾਣਗੀਆਂ ।

ਇੱਕ ਹੜ੍ਹ ਪੀੜ੍ਹਤ ਕਿਸਾਨ ਪਰਿਵਾਰ ਅਤੇ ਇੱਕ ਮਜ਼ਦੂਰ ਪਰਿਵਾਰ ਨੂੰ ਆਪਣੇ ਕੋਲੋਂ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ : ਸਿਹਤ ਮੰਤਰੀ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਬਹੁਤ ਨੁਕਸਾਨ ਹੋਇਆ ਹੈ । ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ ਉੱਥੇ ਉਹ ਆਪਣੇ ਵੱਲੋਂ ਵੀ ਇੱਕ ਹੜ੍ਹ ਪੀੜ੍ਹਤ ਕਿਸਾਨ ਦਾ ਪਰਿਵਾਰ ਤੇ ਇੱਕ ਮਜ਼ਦੂਰ ਦਾ ਪਰਿਵਾਰ ਦੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ । ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਉਹ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣਗੇ। ਉਨ੍ਹਾਂ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣ ।

ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ

ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ । ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਵਾਟਰ ਸੈਂਪਲਿੰਗ, ਸਿਹਤ ਜਾਗਰੂਕਤਾ ਅਤੇ ਮਰੀਜ਼ਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਜ਼ਰੂਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ।

ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ ਜਦਕਿ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਨੁਸਾਰ 38 ਮੋਬਾਈਲ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ 6 ਜਦਕਿ 108 ਵਾਲੀਆਂ 18 ਐਂਬੂਲੈਂਸ ਲੋਕਾਂ ਦੀ ਸੇਵਾ ਵਿੱਚ ਮੌਜੂਦ ਹਨ । ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫਤ ਦਿੱਤੀਆ ਜਾ ਰਹੀਆਂ ਹਨ। ਪਾਣੀ ਦੀ ਸੈਂਪਲਿੰਗ ਲਈ ਟੀਮਾਂ ਨੂੰ ਆਨ ਸਪੋਟ ਵਾਟਰ ਟੈਸਟਿੰਗ ਕਿੱਟਾਂ ਦਿੱਤੀਆ ਗਈਆ ਹਨ, ਜਿਸ ਨਾਲ ਮੌਕੇ `ਤੇ ਹੀ ਪੀਣ ਵਾਲੇ ਪਾਣੀ ਦੀ ਗੁਣਵੱਤਾ ਚੈਕ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ ।

ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਸ.ਡੀ.ਐੱਮ ਕਲਾਨੌਰ ਜਯੋਤਸਨਾ ਸਿੰਘ, ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ, ਐੱਸ. ਡੀ. ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ ।

Read More : ਪ੍ਰਧਾਨ ਮੰਤਰੀ ਹੜ੍ਹ ਪੀੜਤ ਰਾਜਾਂ ਦੀ ਮਦਦ ਲਈ ਅੱਗੇ ਆਉਣ : ਡਾ. ਬਲਬੀਰ ਸਿੰਘ

LEAVE A REPLY

Please enter your comment!
Please enter your name here