ਰਾਜਪੁਰਾ, 30 ਸਤੰਬਰ 2025 : ਪਟਿਆਲਾ ਡਵੀਜ਼ਨਲ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਰਾਜਪੁਰਾ ਦੇ ਐਸ. ਡੀ. ਐਮ. ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ । ਇਸ ਮੌਕੇ ਉਨ੍ਹਾਂ ਨੇ ਇੱਥੇ ਪੁੱਜੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਤੇ ਕਿਸਾਨਾਂ ਵੱਲੋਂ ਖ਼ੁਦ ਹੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਆਖਣ ਅਤੇ ਪਰਾਲੀ ਸੰਭਾਲਣ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮੰਗ ਉਠਾਉਣ ‘ਤੇ ਡਵੀਜ਼ਨਲ ਕਮਿਸ਼ਨਰ ਨੇ ਖੇਤੀਬਾੜੀ ਅਫ਼ਸਰ ਘਨੌਰ ਰਣਜੋਧ ਸਿੰਘ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ।ਬੁਬਲਾਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਉਨ੍ਹਾਂ ਨੂੰ ਲੋੜੀਂਦੀ ਮਸ਼ੀਨਰੀ ਪ੍ਰਦਾਨ ਕਰਵਾਈ ਜਾਵੇਗੀ ।
ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵੱਲੋਂ ਰਾਜਪੁਰਾ ਵਿਖੇ ਐਸ. ਡੀ. ਐਮ. ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ
ਆਪਣੇ ਰਾਜਪੁਰਾ ਦੌਰੇ ਦੌਰਾਨ ਜਿੱਥੇ ਵਿਨੈ ਬੁਬਲਾਨੀ ਨੇ ਇੰਤਕਾਲ ਤੇ ਤਕਸੀਮ ਕੇਸਾਂ ਸਮੇਤ ਮਾਲ ਮਹਿਕਮੇ ਦੇ ਕੋਰਟ ਕੇਸਾਂ ਦੇ ਸਮਾਂਬੱਧ ਨਿਪਟਾਰੇ ਦਾ ਜਾਇਜ਼ਾ ਲਿਆ ਉਥੇ ਹੀ ਐਸ. ਡੀ. ਐਮ. ਤੇ ਤਹਿਸੀਲਦ ਦਫ਼ਤਰਾਂ ‘ਚ ਪੁੱਜੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ । ਉਨ੍ਹਾਂ ਕਿਹਾ ਕਿ ਮਾਲ ਅਦਾਲਤੀ ਕੇਸਾਂ ਦਾ ਸਮਾਂਬੱਧ ਨਿਪਟਾਰਾ ਹੋਣ ਨਾਲ ਲੋਕਾਂ ਨੂੰ ਰਾਹਤ ਮਿਲਣ ਲੱਗੀ ਹੈ ।
ਇੰਤਕਾਲ ਤੇ ਤਕਸੀਮ ਸਮੇਤ ਮਾਲ ਮਹਿਕਮੇ ਦੇ ਕੋਰਟ ਕੇਸਾਂ ਦੇ ਸਮਾਂਬੱਧ ਨਿਪਟਾਰਾ ਹੋਣ ਨਾਲ ਲੋਕਾਂ ਨੂੰ ਮਿਲਣ ਲੱਗੀ ਰਾਹਤ-ਬੁਬਲਾਨੀ
ਡਵੀਜ਼ਨਲ ਕਮਿਸ਼ਨਰ ਨੇ ਇਸ ਮੌਕੇ ਐਸ. ਡੀ. ਐਮ. ਅਵਿਕੇਸ਼ ਗੁਪਤਾ, ਤਹਿਸੀਲਦਾਰ ਪ੍ਰਦੀਪ ਕੁਮਾਰ ਤੇ ਨਾਇਬ ਤਹਿਸੀਲਦਾਰ ਕਰਮਵੀਰ ਸਿੰਘ ਦੇ ਵੱਲੋਂ ਨਿਪਟਾਏ ਜਾਂਦੇ ਅਦਾਲਤੀ ਮਾਮਲਿਆਂ ਸਮੇਤ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਮੁਲਕੰਣ ਕੀਤਾ । ਉਨ੍ਹਾਂ ਨੇ ਸਬ ਰਜਿਸਟਰਾਰ ਦਫ਼ਤਰ ਵਿਖੇ ਈਜ਼ੀ ਰਜਿਸਟਰੀ ਦਾ ਵੀ ਨਿਰੀਖਣ ਕੀਤਾ ਅਤੇ ਨਾਲ ਹੀ ਨਾਗਰਿਕ ਸ਼ਿਕਾਇਤ ਨਿਪਟਾਰਾ ਪੋਰਟਲ ਪੀ. ਜੀ. ਆਰ. ਐਸ. ‘ਤੇ ਆਈਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਵੀ ਜਾਇਜ਼ਾ ਲਿਆ ।
ਰਿਕਾਰਡ ਦੀ ਬਾਰੀਕੀ ਨਾਲ ਕੀਤੀ ਸਮੀਖਿਆ
ਇਸ ਮੌਕੇ ਵਿਨੈ ਬੁਬਲਾਨੀ ਨੇ ਆਪਣੇ ਨਿਰੀਖਣ ਦੌਰਾਨ ਰਿਕਾਰਡ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਪਾਰਦਰਸ਼ਤਾ ਨਾਲ ਸਮੇਂ ਸਿਰ ਕੰਮ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਤਰਜੀਹ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨਾ ਹੈ, ਇਸ ਕੰਮ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਡਵੀਜ਼ਨਲ ਕਮਿਸ਼ਨਰ ਨੇ ਮਾਲ ਅਦਾਲਤਾਂ ਵਿੱਚ ਸਾਲਾਂ ਤੋਂ ਚੱਲ ਰਹੇ ਕੇਸਾਂ ਦਾ ਗੰਭੀਰ ਲਿਆ ਨੋਟਿਸ
ਲੰਬਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੰਦਿਆਂ ਡਵੀਜ਼ਨਲ ਕਮਿਸ਼ਨਰ ਨੇ ਮਾਲ ਅਦਾਲਤਾਂ ਵਿੱਚ ਸਾਲਾਂ ਤੋਂ ਚੱਲ ਰਹੇ ਕੇਸਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ, ਕਿਹਾ ਕਿ ਜ਼ਮੀਨ ਦੀ ਵੰਡ, ਨਿਸ਼ਾਨਦੇਹੀ, ਮਾਪ, ਖਸਰਾ-ਗਿਰਦਾਵਰੀ, ਨੰਬਰਦਾਰੀ, ਚੌਕੀਦਾਰੀ ਅਤੇ ਇੰਤਕਾਲ ਵਰਗੇ ਸਾਰੇ ਮਾਲ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੀਤਾ ਜਾਵੇ ।
ਵਿਨੈ ਬੁਬਲਾਨੀ ਨੇ ਐਸ. ਡੀ. ਐਮ. ਤੇ ਤਹਿਸੀਦਲਾਰ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਦਫ਼ਤਰਾਂ ਦਾ ਨਿਰੀਖਣ ਕਰਕੇ ਰਿਪੋਰਟ ਭੇਜੀ ਜਾਵੇ । ਐਸ. ਡੀ. ਐਮ. ਖੁਦ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਕਾਨੂੰਨਗੋ ਦਫ਼ਤਰਾਂ ਦਾ ਨਿਯਮਿਤ ਤੌਰ ‘ਤੇ ਨਿਰੀਖਣ ਕਰਨ।ਐਸਡੀਐਮ ਅਵਿਕੇਸ਼ ਗੁਪਤਾ ਨੇ ਭਰੋਸਾ ਦਿੱਤਾ ਕਿ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ ।
ਡਵੀਜਨਲ ਕਮਿਸ਼ਨਰ ਵਿਨੇ ਬੁਬਲਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ, ਉਹ ਡਿਵੀਜ਼ਨ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਕੀ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਰਾਜਪੁਰਾ ਦਫ਼ਤਰਾਂ ਦਾ ਨਿਰੀਖਣ ਕਰਕੇ ਪਟਿਆਲਾ ਜ਼ਿਲ੍ਹੇ ਦੇ ਸਾਰੀਆਂ ਸਬ ਡਵੀਜਨਾਂ ਦੀ ਚੈਕਿੰਗ ਮੁਕੰਮਲ ਕਰ ਲਈ ਹੈ ।