ਲਹਿਰਾ (ਸੰਗਰੂਰ), 4 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ ।
ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ
ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ((Development projects) ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ ਹੈ । ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਬੇਹੂਦਾ ਕੋਸ਼ਿਸ਼ਾਂ ਕਰ ਰਹੇ ਹਨ ਪਰ ਕਿਸੇ ਵੀ ਮੁੱਦੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਅਸਫਲ ਰਹੇ ਹਨ ।
ਲਹਿਰਾ ਵਿਧਾਨ ਸਭਾ ਹਲਕੇ ਨੂੰ 20.61 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਤੋਹਫਾ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ । ਇਕ ਕਲਾਕਾਰ ਵਜੋਂ ਵਿਰੋਧੀ ਧਿਰ ਦੀਆਂ ਰੈਲੀਆਂ ਵਿੱਚ ਸ਼ਾਮਲ ਹੋਣ ਦੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਮਾੜੇ ਕੰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਹੁਣ ਉਨ੍ਹਾਂ ਦੇ ਪਿਛਲੇ ਪਾਪਾਂ ਦਾ ਪਰਦਾਫਾਸ਼ ਕਰਕੇ ਲੋਕਾਂ ਅੱਗੇ ਸਚਾਈ ਦਾ ਖੁਲਾਸਾ ਕਰ ਰਹੇ ਹਨ ।
ਸੂਬੇ ਦੇ ਸੂਝਵਾਨ ਲੋਕ ਪਹਿਲਾਂ ਹੀ ਇਨ੍ਹਾਂ ਸਿਆਸੀ ਆਗੂਆਂ ਨੂੰ ਇਨ੍ਹਾਂ ਦੇ ਗੁਨਾਹਾਂ ਲ਼ਈ ਬਾਹਰ ਦਾ ਰਸਤਾ ਦਿਖਾ ਚੁੱਕੇ ਹਨ
ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਪਹਿਲਾਂ ਹੀ ਇਨ੍ਹਾਂ ਸਿਆਸੀ ਆਗੂਆਂ ਨੂੰ ਇਨ੍ਹਾਂ ਦੇ ਗੁਨਾਹਾਂ ਲ਼ਈ ਬਾਹਰ ਦਾ ਰਸਤਾ ਦਿਖਾ ਚੁੱਕੇ ਹਨ ਅਤੇ ਉਹ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ । ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਹੁਣ ਉਹ ਆਪਣੇ ਪਾਪਾਂ ਦੀ ਕੀਮਤ ਚੁਕਾ ਰਹੇ ਹਨ ।
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਹਨ
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ (Achievements of your government) ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਹਨ ਜਿਸ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਨੌਜਵਾਨ ਪੀੜ੍ਹੀ ਵਿੱਚ ਨਵੀਂ ਉਮੀਦ ਜਗੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ । ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਲੋਕਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੀ ਹੈ ।
ਪੇਂਡੂ ਨੌਜਵਾਨਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ਪਿੰਡਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਅਤੇ ਕਾਲਜ ਸਥਾਪਤ ਕਰਨ ਦਾ ਐਲਾਨ
ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੇਂਡੂ ਨੌਜਵਾਨਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ਪਿੰਡਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਅਤੇ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ । ਮੁੱਖ ਮੰਤਰੀ ਨੇ ਕਿਹਾ, “ਮੈਂ ਹੁਣ ਲੋਕਾਂ ਦੇ ਪਿਆਰ ਦਾ ਕਰਜ਼ਾ ਚੁਕਾ ਰਿਹਾ ਹਾਂ।” ਭਗਵੰਤ ਸਿੰਘ ਮਾਨ ਨੇ ਅਨੁਸੂਚਿਤ ਜਾਤੀ ਭਾਈਚਾਰਿਆਂ, ਖੇਤ ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਸ਼ੁਰੂ ਕੀਤੀਆਂ ਗਈਆਂ ਕਈ ਭਲਾਈ ਯੋਜਨਾਵਾਂ ਬਾਰੇ ਹੋਰ ਜਾਣਕਾਰੀ ਦਿੱਤੀ ।
ਸੂਬਾ ਸਰਕਾਰ ਨੇ ਕੀਤਾ ਹੈ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਵਿਆਪਕ ਪ੍ਰੋਜੈਕਟ ਸ਼ੁਰੂ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਹੈ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਲਿੰਕ ਸੜਕਾਂ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਬੇਹੱਦ ਸਹਾਈ ਹੁੰਦੀਆਂ ਹਨ ।
ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦਾ ਧੁਰਾ ਹਨ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦਾ ਧੁਰਾ ਹਨ ਕਿਉਂਕਿ ਇਹ ਇੱਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਪ੍ਰੋਜੈਕਟ ਲਈ ਨਿਰਧਾਰਤ ਹਰ ਪੈਸੇ ਦੀ ਜਾਇਜ਼ ਢੰਗ ਨਾਲ ਵਰਤੋਂ ਕੀਤੀ ਜਾਵੇ ।
ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ 48-49 ਪ੍ਰਤੀਸ਼ਤ ਘਟ ਗਈ ਹੈ
ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ (ਐਸ. ਐਸ. ਐਫ.) ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ 48-49 ਪ੍ਰਤੀਸ਼ਤ ਘਟ ਗਈ ਹੈ । ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ ਅਤੇ ਦੂਜੇ ਰਾਜਾਂ ਨੂੰ ਇਸ ਮਾਡਲ ਨੂੰ ਦੁਹਰਾਉਣ ਦੀ ਅਪੀਲ ਕੀਤੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਗਈ ਆਪਣੀ ਕਿਸਮ ਦੀ ਇਹ ਪਹਿਲੀ ਪਹਿਲ ਸੂਬੇ ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਹੈ ।
ਕੰਪਲੈਕਸ ਵਿੱਚ 10,000 ਵਰਗ ਫੁੱਟ ਦਾ ਬਿਲਟ-ਅੱਪ ਏਰੀਆ ਹੋਵੇਗਾ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਲਹਿਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਨਵੇਂ ਦਫ਼ਤਰ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ । ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ 10,000 ਵਰਗ ਫੁੱਟ ਦਾ ਬਿਲਟ-ਅੱਪ ਏਰੀਆ ਹੋਵੇਗਾ ਅਤੇ ਇਹ 2.34 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦੀ ਕੁੱਲ ਲਾਗਤ 4.69 ਕਰੋੜ ਰੁਪਏ ਹੋਵੇਗੀ ਅਤੇ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ ।
ਕੰਪਲੈਕਸ ਵਿੱਚ ਦੋ ਸਬ-ਡਿਵੀਜ਼ਨਲ ਦਫ਼ਤਰ (ਸ਼ਹਿਰੀ ਲਹਿਰਾਗਾਗਾ ਅਤੇ ਪੇਂਡੂ ਲਹਿਰਾਗਾਗਾ) ਅਤੇ ਇੱਕ ਸ਼ਿਕਾਇਤ ਕੇਂਦਰ ਹੋਵੇਗਾ
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਦੋ ਸਬ-ਡਿਵੀਜ਼ਨਲ ਦਫ਼ਤਰ (ਸ਼ਹਿਰੀ ਲਹਿਰਾਗਾਗਾ ਅਤੇ ਪੇਂਡੂ ਲਹਿਰਾਗਾਗਾ) ਅਤੇ ਇੱਕ ਸ਼ਿਕਾਇਤ ਕੇਂਦਰ ਹੋਵੇਗਾ, ਜਿਸ ਦਾ ਉਦੇਸ਼ ਸਥਾਨਕ ਨਿਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਸੀ ਕਿ ਇੱਕ ਪੀ. ਐਸ. ਪੀ. ਸੀ. ਐਲ. ਦਫ਼ਤਰ ਬਹੁਤ ਪੁਰਾਣੀ ਇਮਾਰਤ ਤੋਂ ਚਲਾਇਆ ਜਾਂਦਾ ਸੀ ਅਤੇ ਦੂਜਾ ਕਿਰਾਏ ਦੀ ਇਮਾਰਤ ਤੋਂ ਚਲਦਾ ਸੀ ਜਿਸ ਕਾਰਨ ਜਨਤਕ ਸੇਵਾਵਾਂ ਅਤੇ ਪ੍ਰਸ਼ਾਸਕੀ ਕੰਮ ਵਿੱਚ ਕਾਫ਼ੀ ਮੁਸ਼ਕਲਾਂ ਆਉਂਦੀਆਂ ਸਨ ।
ਹੁਣ ਲੋਕ ਇੱਕੋ ਛੱਤ ਹੇਠ ਬਿਜਲੀ ਨਾਲ ਸਬੰਧਤ ਕਈ ਸੇਵਾਵਾਂ ਤੱਕ ਪਹੁੰਚ ਕਰ ਸਕਣਗੇ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕ ਇੱਕੋ ਛੱਤ ਹੇਠ ਬਿਜਲੀ ਨਾਲ ਸਬੰਧਤ ਕਈ ਸੇਵਾਵਾਂ ਤੱਕ ਪਹੁੰਚ ਕਰ ਸਕਣਗੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਲਗਭਗ 90 ਫੀਸਦੀ ਪਰਿਵਾਰਾਂ ਨੂੰ ਲਾਭ ਹੋ ਰਿਹਾ ਹੈ ਜੋ ਹੁਣ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕਰਦੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚ ਦਿੱਤਾ ਹੈ, ਜੋ ਪਹਿਲਾਂ ਨਿੱਜੀ ਕੰਪਨੀ ਜੀ. ਵੀ. ਕੇ. ਪਾਵਰ ਦੀ ਮਲਕੀਅਤ ਸੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਨਿੱਜੀ ਮਾਲਕੀ ਵਾਲੀ ਜਾਇਦਾਦ ਖਰੀਦੀ ਹੈ ਅਤੇ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ, ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ ।
ਲਹਿਰਾਗਾਗਾ ਵਿੱਚ 15.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ
ਭਗਵੰਤ ਸਿੰਘ ਮਾਨ ਨੇ ਲਹਿਰਾਗਾਗਾ ਵਿੱਚ 15.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ । ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 30 ਜੁਲਾਈ, 2026 ਤੋਂ ਪਹਿਲਾਂ ਪੂਰਾ ਹੋਵੇਗਾ ਅਤੇ ਇਮਾਰਤ ਦਾ ਕਵਰਡ ਏਰੀਆ 51,881 ਵਰਗ ਫੁੱਟ ਹੋਵੇਗਾ । ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ ਐਸ. ਡੀ. ਐਮ. ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਸਟਾਫ ਰੂਮ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਲੇਬਰ ਇੰਸਪੈਕਟਰ ਦਫ਼ਤਰ, ਫੂਡ ਸਪਲਾਈ ਦਫ਼ਤਰ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਵਸਨੀਕ ਇੱਕੋ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ ।
ਮੁੱਖ ਮੰਤਰੀ ਨੇ ਕੀਤਾ ਸੌਰਭ ਗੋਇਲ ਫਾਊਂਡੇਸ਼ਨ ਦੁਆਰਾ ਚਲਾਈ ਜਾ ਰਹੀ ‘ਆਪ ਕੀ ਰਸੋਈ’ ਦਾ ਵੀ ਦੌਰਾ
ਮੁੱਖ ਮੰਤਰੀ ਨੇ ਸੌਰਭ ਗੋਇਲ ਫਾਊਂਡੇਸ਼ਨ (Saurabh Goyal Foundation) ਦੁਆਰਾ ਚਲਾਈ ਜਾ ਰਹੀ ‘ਆਪ ਕੀ ਰਸੋਈ’ ਦਾ ਵੀ ਦੌਰਾ ਕੀਤਾ ਜਿੱਥੇ ਸੌਰਭ ਗੋਇਲ ਫਾਊਂਡੇਸ਼ਨ ਦੇ ਸਮਾਜ ਸੇਵਕ ਗੌਰਵ ਗੋਇਲ ਅਤੇ ਉਨ੍ਹਾਂ ਦੀ ਟੀਮ ਨੇ ਇਹ ਵਿਲੱਖਣ ਉਪਰਾਲਾ ਸ਼ੁਰੂ ਕੀਤਾ ਹੈ । ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਸੌਂਵੇ ਕਿਉਂਕਿ ‘ਆਪ ਕੀ ਰਸੋਈ’ ਵਿੱਚ ਸਿਰਫ਼ 10 ਰੁਪਏ ਪ੍ਰਤੀ ਪਲੇਟ ਵਿੱਚ ਸਾਦਾ ਅਤੇ ਪੌਸ਼ਟਿਕ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ । ਇਸ ਸਮੇਂ ਰੋਜ਼ਾਨਾ ਲਗਭਗ 250 ਲੋਕ, ਜਿਨ੍ਹਾਂ ਵਿੱਚ ਬੱਚੇ, ਬਜ਼ੁਰਗ ਅਤੇ ਨੌਜਵਾਨ ਸ਼ਾਮਲ ਹਨ, ਇੱਥੇ ਖਾਣਾ ਖਾਂਦੇ ਹਨ ਅਤੇ ਫਾਊਂਡੇਸ਼ਨ ਦੇ ਮੈਂਬਰ ਖੁਦ ਖਾਣਾ ਤਿਆਰ ਕਰਨ ਅਤੇ ਪਰੋਸਦੇ ਹਨ ।
ਮਹੱਤਵਪੂਰਨ ਪਹਿਲਕਦਮੀ ਹੈ, ਖਾਸ ਕਰਕੇ ਮਜ਼ਦੂਰਾਂ ਲਈ ਜੋ ਹੁਣ 10 ਰੁਪਏ ਵਿੱਚ ਪੂਰਾ ਭੋਜਨ ਪ੍ਰਾਪਤ ਕਰ ਸਕਦੇ ਹਨ
ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਪਹਿਲਕਦਮੀ ਹੈ, ਖਾਸ ਕਰਕੇ ਮਜ਼ਦੂਰਾਂ ਲਈ ਜੋ ਹੁਣ 10 ਰੁਪਏ ਵਿੱਚ ਪੂਰਾ ਭੋਜਨ ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਹੋਰ ਸੰਸਥਾਵਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਅਜਿਹੇ ਨੇਕ ਉਪਰਾਲੇ ਸ਼ੁਰੂ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੌਰਭ ਕੰਪਲੈਕਸ ਵਿਖੇ ਨਵੇਂ ਹਾਲ ਦਾ ਉਦਘਾਟਨ ਵੀ ਕੀਤਾ ।
ਕੰਪਲੈਕਸ ਪਹਿਲਾਂ ਹੀ ਸਥਾਨਕ ਆਬਾਦੀ ਲਈ ਵੱਡੀ ਸਹੂਲਤ ਹੈ
ਇਹ ਕੰਪਲੈਕਸ ਪਹਿਲਾਂ ਹੀ ਸਥਾਨਕ ਆਬਾਦੀ ਲਈ ਵੱਡੀ ਸਹੂਲਤ ਹੈ ਅਤੇ ਇਹ ਨਵਾਂ ਹਾਲ ਸਮਾਜਿਕ ਸਮਾਗਮਾਂ ਅਤੇ ਮੀਟਿੰਗਾਂ ਦੀ ਮੇਜ਼ਬਾਨੀ ਨੂੰ ਹੋਰ ਵੀ ਆਸਾਨ ਬਣਾਵੇਗਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਾਲ ਵਿੱਚ ਲੋਕ ਬਹੁਤ ਘੱਟ ਕੀਮਤ ‘ਤੇ ਸਮਾਜਿਕ, ਧਾਰਮਿਕ ਅਤੇ ਹੋਰ ਸਮਾਗਮ ਕਰ ਸਕਦੇ ਹਨ ਅਤੇ ਗਰੀਬ ਅਤੇ ਲੋੜਵੰਦ ਲੋਕਾਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ। ਜ਼ਿਕਰਯੋਗ ਹੈ ਕਿ ਇਸ ਕੰਪਲੈਕਸ ਦਾ ਨਾਮ ਸੌਰਭ ਗੋਇਲ ਦੀ ਯਾਦ ਵਿੱਚ ਰੱਖਿਆ ਗਿਆ ਹੈ ਅਤੇ ਸਮਾਜ ਸੇਵੀ ਨੌਜਵਾਨ ਸੇਵਕ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਪੁੱਤਰ ਸਨ ।
ਸਫਲ ਵਿਆਹੁਤਾ ਜੀਵਨ ਆਪਸੀ ਵਿਸ਼ਵਾਸ ਅਤੇ ਸੰਤੁਲਿਤ ਪਹੁੰਚ ‘ਤੇ ਅਧਾਰਤ ਹੁੰਦਾ ਹੈ
ਇਸ ਤੋਂ ਇਲਾਵਾ ਇਕ ਸਮਾਗਮ ਵਿੱਚ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਫਲ ਵਿਆਹੁਤਾ ਜੀਵਨ ਆਪਸੀ ਵਿਸ਼ਵਾਸ ਅਤੇ ਸੰਤੁਲਿਤ ਪਹੁੰਚ ‘ਤੇ ਅਧਾਰਤ ਹੁੰਦਾ ਹੈ । ਉਨ੍ਹਾਂ ਨੇ ਸਰਕਾਰ ਦੇ ਭਲਾਈ ਉਪਰਾਲਿਆਂ ਵਜੋਂ ਨਵ-ਵਿਆਹੇ ਜੋੜਿਆਂ ਨੂੰ ਸ਼ਗਨ ਵਜੋਂ ਚੈੱਕ ਵੀ ਵੰਡੇ । ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਮੌਜੂਦ ਸਨ ।