ਘਨੌਰ, 13 ਨਵੰਬਰ 2025 : ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਚੱਪੜ ਵਿਖੇ ਅਨਾਜ ਮੰਡੀ ਵਿੱਚ 1 ਕਰੋੜ 2 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਇਹ ਸ਼ੈੱਡ 200 ਫੁੱਟ ਲੰਬਾ ਤੇ 75 ਫੁੱਟ ਚੌੜਾ ਹੋਵੇਗਾ, ਜੋ ਖਰੀਦ ਮੌਸਮ ਦੌਰਾਨ ਕਿਸਾਨਾਂ ਅਤੇ ਮਜਦੂਰਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ ।
ਪਿੰਡ ਚੱਪੜ ਵਿਖੇ 1. 2 ਕਰੋੜ ਰੁਪਏ ਦੀ ਲਾਗਤ ਵਾਲੇ ਸ਼ੈੱਡ ਨਿਰਮਾਣ ਦਾ ਨੀਂਹ ਪੱਥਰ ਰੱਖਿਆ
ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਵਿਸ਼ੇਸ਼ ਯਤਨਾਂ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹਲਕੇ ਘਨੌਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ । ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਸੂਬੇ ਦੀ ਹਰ ਮੰਡੀ ਨੂੰ ਆਧੁਨਿਕ ਸਹੂਲਤਾਂ ਨਾਲ ਸਜਾਉਣਾ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦੀ ਖਰੀਦ-ਫ਼ਰੋਖ਼ਤ ਦੌਰਾਨ ਕਿਸੇ ਕਿਸਮ ਦੀ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ ।
ਸ਼ੈੱਡ ਬਣਨ ਨਾਲ ਰਹੇਗੀ ਕਿਸਾਨਾਂ ਅਤੇ ਮਜ਼ਦੂਰਾਂ ਦੀ ਫਸਲ ਸੁਰੱਖਿਅਤ
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਕਿਸਾਨਾਂ ਦੇ ਹਿੱਤਾਂ ਦੀ ਰੱਖਿਆ, ਫਸਲ ਦੀ ਵਾਜ਼ਬ ਕੀਮਤ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਰਕਾਰ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਇਹ ਸ਼ੈੱਡ ਬਣਨ ਨਾਲ ਅਨਾਜ ਮੰਡੀ ਚੱਪੜ ਵਿੱਚ ਮੌਸਮੀ ਤਬਦੀਲੀਆਂ ਜਿਵੇਂ ਤੇਜ਼ ਮੀਂਹ ਜਾਂ ਧੁੱਪ ਦੌਰਾਨ ਵੀ ਕਿਸਾਨਾਂ ਅਤੇ ਮਜ਼ਦੂਰਾਂ ਦੀ ਫਸਲ ਸੁਰੱਖਿਅਤ ਰਹੇਗੀ । ਇਸ ਨਾਲ ਮੰਡੀ ਦਾ ਕੰਮਕਾਜ ਵੀ ਹੋਰ ਸੁਚਾਰੂ ਅਤੇ ਪ੍ਰਬੰਧਿਤ ਢੰਗ ਨਾਲ ਚੱਲੇਗਾ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਹਰ ਹਲਕੇ ਵਿੱਚ ਜਨਹਿੱਤ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਨੇਪਰੇ ਚੜਾਇਆ ਜਾ ਰਿਹਾ ਹੈ ।
ਵਿਧਾਇਕ ਗੁਰਲਾਲ ਘਨੌਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ
ਵਿਧਾਇਕ ਗੁਰਲਾਲ ਘਨੌਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਤਾਮੀਰ ਨਾਲ ਕਿਸਾਨਾਂ, ਮਜਦੂਰਾਂ ਅਤੇ ਆਮ ਜਨਤਾ ਨੂੰ ਮੰਡੀ ਵਿੱਚ ਆਉਣ-ਜਾਣ ਦੀ ਸੁਵਿਧਾ ਹੋਵੇਗੀ ਅਤੇ ਅਨਾਜ ਦੀ ਖਰੀਦ ਪ੍ਰਕਿਰਿਆ ਵੀ ਹੋਰ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਹੋਵੇਗੀ ।
ਮਾਨ ਸਰਕਾਰ ਵੱਲੋਂ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਵਿੱਚ ਨਵਾਂ ਭਰੋਸਾ ਤੇ ਉਤਸ਼ਾਹ ਪੈਦਾ ਹੋਇਆ ਹੈ
ਉਨ੍ਹਾਂ ਇਲਾਕਾ ਨਿਵਾਸੀਆਂ ਨਾਲ ਦਾਅਵਾ ਕੀਤਾ ਕਿ ਚੱਪੜ ਅਨਾਜ ਮੰਡੀ ਵਿਖੇ ਨਿਰਮਾਣ ਅਧੀਨ ਸ਼ੈੱਡ ਦਾ ਕੰਮ ਜਲਦੀ ਮੁਕੰਮਲ ਕਰਕੇ ਕਿਸਾਨਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ । ਇਸ ਮੌਕੇ ਪਿੰਡ ਵਾਸੀਆਂ ਅਤੇ ਮੰਡੀ ਕਮੇਟੀ ਦੇ ਮੈਂਬਰਾਂ ਨੇ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨ ਸਰਕਾਰ ਵੱਲੋਂ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਵਿੱਚ ਨਵਾਂ ਭਰੋਸਾ ਤੇ ਉਤਸ਼ਾਹ ਪੈਦਾ ਹੋਇਆ ਹੈ । ਇਸ ਮੌਕੇ ਗੁਰਤਾਜ ਸਿੰਘ ਸੰਧੂ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਹਰਪ੍ਰੀਤ ਹੈਪੀ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ, ਗੁਰਪ੍ਰੀਤ, ਦਮਨਪ੍ਰੀਤ ਸਰਪੰਚ ਖੇੜੀ, ਚਮਕੌਰ ਸਿੰਘ, ਮਾਰਕੀਟ ਕਮੇਟੀਆਂ ਦੇ ਅਹੁਦੇਦਾਰ, ਮੈਂਬਰ, ਸਬੰਧਤ ਵਿਭਾਗ ਦੇ ਅਧਿਕਾਰੀ,ਕਿਸਾਨ, ਪੰਚ, ਸਰਪੰਚ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ ।
Read More : ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ : ਗੁਰਲਾਲ









