ਪੰਜਾਬ ਵਿਚ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ

0
58
elections

ਚੰਡੀਗੜ੍ਹ, 14 ਦਸੰਬਰ 2025 : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ (Zila Parishad and Panchayat Samiti) ਦੀਆਂ ਚੋਣਾਂ ਲਈ ਵੋਟਾਂ ਪੈਣੀਆਂ ਸਵੇਰੇ 8 ਸ਼ੁਰੂ ਹੋ ਗਈਆਂ ਹਨ ਅਤੇ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ । ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ ।

ਚੋਣਾਂ ਲਈ ਸੂਬੇ ਵਿਚ ਵੋਟਿੰਗ ਲਈ ਕਿੰਨੇ ਪੋਲਿੰਗ ਸਟੇਸ਼ਨਾਂ ਤੇ ਪੋਲਿੰਗ ਬੂਥਾਂ ਦੀ ਕੀਤੀ ਗਈ ਹੈ ਸਥਾਪਨਾ

ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ 23 ਜ਼ਿਲ੍ਹਾ ਪ੍ਰੀਸ਼ਦਾਂ ਦੇ 347 ਜ਼ੋਨਾਂ ਅਤੇ 153 ਪੰਚਾਇਤ ਸਮਿਤੀਆਂ ਦੇ 2,838 ਜ਼ੋਨਾਂ ਲਈ ਵੋਟਿੰਗ ਲਈ 13,395 ਪੋਲਿੰਗ ਸਟੇਸ਼ਨਾਂ ’ਤੇ 18,718 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ । ਸੂਬੇ ਦੇ 1,36,04,650 ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ। 860 ਪੋਲਿੰਗ ਸਟੇਸ਼ਨ ਅਤਿ-ਸੰਵੇਦਨਸ਼ੀਲ ਅਤੇ 3,405 ਸੰਵੇਦਨਸ਼ੀਲ ਐਲਾਨੇ ਗਏ ਹਨ ।

ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤੇ ਹਨ 44 ਹਜ਼ਾਰ ਪੁਲਸ ਮੁਲਾਜਮ ਤਾਇਨਾਤ

ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਨੇ ਚੋਣ ਅਮਲ ਪਾਰਦਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ 44 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਹਨ । ਰਾਜ ਚੋਣ ਕਮਿਸ਼ਨ ਨੇ ਆਬਜ਼ਵਰ ਵੀ ਤਾਇਨਾਤ ਕੀਤੇ ਹਨ, ਜਿਨ੍ਹਾਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ । ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ (Polling stations) ’ਤੇ ਵੀਡੀਓਗ੍ਰਾਫ਼ੀ ਵੀ ਕਰਵਾਈ ਜਾ ਰਹੀ ਹੈ । ਜ਼ਿਲ੍ਹਾ ਪਰਿਸ਼ਦ ਦੇ 347 ਜ਼ੋਨਾਂ ਵਿੱਚ 1,249 ਉਮੀਦਵਾਰ ਮੈਦਾਨ ਵਿੱਚ ਹਨ ਅਤੇ 15 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤੇ ਗਏ ਹਨ । ਪੰਚਾਇਤ ਸਮਿਤੀ ਦੇ 2,838 ਜ਼ੋਨਾਂ ਵਿੱਚ 8,098 ਉਮੀਦਵਾਰ ਮੈਦਾਨ ਵਿੱਚ ਹਨ, ਜਦਕਿ 181 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਹਨ ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੋਟ ਦਾ ਭੁਗਤਾਨ

ਪੰਜਾਬ ਵਿੱਚ ਅੱਜ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ (Block Samiti elections) ਲਈ ਵੋਟਿੰਗ ਜਾਰੀ ਹੈ । ਇਸ ਦੌਰਾਨ ਸਵੇਰੇ ਕਰੀਬ 8.10 ਵਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਜੱਦੀ ਪਿੰਡ ਗੰਭੀਰਪੁਰ ਵਿੱਚ ਸਥਿਤ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣੀ ਵੋਟ ਦਾ ਭੁਗਤਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਪਿਤਾ ਸਰਦਾਰ ਸੋਹਣ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ ਅਤੇ ਉਨ੍ਹਾਂ ਵੱਲੋਂ ਵੀ ਵੋਟ ਪਾਈ ਗਈ ।

ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਲੋਕਤੰਤਰ ਦੀ ਬੁਨਿਆਦ ਹਨ

ਵੋਟ ਪਾਉਣ ਤੋਂ ਬਾਅਦ ਗੱਲਬਾਤ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਲੋਕਤੰਤਰ ਦੀ ਬੁਨਿਆਦ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਰਾਹੀਂ ਲੋਕਾਂ ਨੂੰ ਆਪਣੇ ਖੇਤਰਾਂ ਦੇ ਵਿਕਾਸ ਲਈ ਯੋਗ ਨੁਮਾਇੰਦੇ ਚੁਣਨ ਦਾ ਮੌਕਾ ਮਿਲਦਾ ਹੈ । ਉਨ੍ਹਾਂ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ।

Read More : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਤਿਆਰੀਆਂ ਮੁਕੰਮਲ : ਡੀ. ਸੀ.

LEAVE A REPLY

Please enter your comment!
Please enter your name here