ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਕਰਨ ਵਾਲੇ ਮੰਤਰੀਆਂ ਨਾਲ ਅੱਜ ਹਰੀਸ਼ ਰਾਵਤ ਨੇ ਮੁਲਾਕਾਤ ਕੀਤੀ ਸੀ। ਉਨ੍ਹਾਂ ਨਾਲ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਸਾਲ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਹੀ ਆਉਣ ਵਾਲੀਆਂ ਚੋਣਾਂ ‘ਚ ਮੁੱਖ ਮੰਤਰੀ ਦਾ ਚਿਹਰਾ ਹੋਣਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ‘ਚ ਖੜ੍ਹੇ ਹੋਏ ਵਿਵਾਦ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਕਿਸੇ ਨੂੰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ‘ਤੇ ਪੂਰਾ ਭਰੋਸਾ ਹੈ ਅਤੇ ਪੰਜਾਬ ਕਾਂਗਰਸ ਦੇ ਇਸ ਮਸਲੇ ਨੂੰ ਸੁਲਝਾ ਲਿਆ ਜਾਵੇਗਾ।
ਇਸ ਦੇ ਨਾਲ ਹੀ ਪੰਜਾਬ ਦੇ ਮੰਤਰੀਆਂ ਵੱਲੋਂ ਕਾਂਗਰਸ ਹਾਈਕਮਾਨ ਕੋਲ ਜਾਣ ਦੀ ਗੱਲ ਕਹੀ ਗਈ ਸੀ। ਇਸ ਤੋਂ ਉਕਤ ਮੰਤਰੀਆਂ ਵੱਲੋਂ ਫ਼ੈਸਲਾ ਲਿਆ ਗਿਆ ਸੀ ਕਿ ਉਹ ਦਿੱਲੀ ਵਿਖੇ ਕਾਂਗਰਸ ਹਾਈਕਮਾਨ ਕੋਲ ਜਾਣ ਤੋਂ ਪਹਿਲਾਂ ਹਰੀਸ਼ ਰਾਵਤ ਨਾਲ ਦੇਹਰਾਦੂਨ ਵਿਖੇ ਮੁਲਾਕਾਤ ਕਰਨਗੇ। ਅੱਜ ਇਨ੍ਹਾਂ ਮੰਤਰੀਆਂ ਵੱਲੋਂ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।