ਅੰਮ੍ਰਿਤਸਰ, 6 ਮਾਰਚ 2026 : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਵਿੱਤੀ ਸਾਲ 2026-27 ਲਈ ਆਪਣੇ ਸਾਲਾਨਾ ਬਜਟ ਇਜਲਾਸ (Annual Budget Session) ਦਾ ਐਲਾਨ ਕਰ ਦਿੱਤਾ ਹੈ ।
ਕੀ ਦੱਸਿਆ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦਾ ਸਾਲਾਨਾ ਬਜਟ 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 2 ਵਜੇ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਉਦੇਸ਼ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨਾ ਹੈ, ਇਸ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਜਟ ਦਾ ਸਭ ਤੋਂ ਵੱਡਾ ਹਿੱਸਾ ਧਰਮ ਪ੍ਰਚਾਰ ਕਮੇਟੀ (Religious Propagation Committee) ਲਈ ਰਾਖਵਾਂ ਰੱਖਿਆ ਜਾਵੇਗਾ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਵਿੱਚ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮਾਂ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾ ਸਕੇ ।
ਬੇਅਦਬੀਆਂ ਵਿਰੁੱਧ ਸਖ਼ਤ ਕਾਨੂੰਨੀ ਪਹਿਲੂਆਂ ਤੇ ਕੀਤਾ ਜਾ ਰਿਹੈ ਵਿਚਾਰ
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਇੱਕ ਵਿਸ਼ੇਸ਼ ਸਬ-ਕਮੇਟੀ ਕੰਮ ਕਰ ਰਹੀ ਹੈ । ਇਹ ਕਮੇਟੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕਾਨੂੰਨੀ ਪਹਿਲੂਆਂ ਨੂੰ ਵਿਚਾਰ ਰਹੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ । ਬਜਟ ਵਿੱਚ ਧਰਮ ਪ੍ਰਚਾਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ (Shiromani Committee) ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ, ਹਸਪਤਾਲਾਂ ਅਤੇ ਮਾਨਵਤਾ ਦੀ ਸੇਵਾ ਲਈ ਚਲਾਏ ਜਾ ਰਹੇ ਪ੍ਰੋਜੈਕਟਾਂ ਲਈ ਵੀ ਵਿਸ਼ੇਸ਼ ਫੰਡ ਰੱਖੇ ਜਾਣ ਦੀ ਉਮੀਦ ਹੈ ।
Read More : ਕੈਬਨਿਟ ਮੀਟਿੰਗ ਕਰਕੇ ਪੰਜਾਬ ਸਰਕਾਰ ਨੇ ਕੀਤਾ ਅਨੁਮਾਨਤ ਬਜਟ ਪਾਸ









