ਅੰਮ੍ਰਿਤਸਰ, 6 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਅੱਜ ਬੇਅਦਬੀ ਮਾਮਲਿਆਂ ਤੇ ਸਖ਼ਤ ਕਾਨੂੰਨ ਨੂੰ ਲੈ ਕੇ ਵੱਖ-ਵੱਖ ਪੰਥਕ ਧਿਰਾਂ ਅਤੇ ਸਿੱਖ ਜਥੇਬਦੀਆਂ ਦੀ ਇਕੱਤਰਤਾ ਹੋੋਈ ।
ਕੀ ਵਿਚਾਰ-ਵਟਾਂਦਰਾ ਕੀਤਾ ਗਿਆ ਇਕੱਤਰਤਾ ਵਿਚ
ਮਿਲੀ ਜਾਣਕਾਰੀ ਅਨੁਸਾਰ ਜੋ ਅੱਜ ਅੰਮ੍ਰਿਤਸਰ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਅਗਵਾਈ ਹੇਠ ਵੱਖ-ਵੱਖ ਪੰਥਕ ਧਿਰਾਂ ਅਤੇ ਸਿੱਖ ਜਥੇਬੰਦੀਆਂ ਦੀ ਇਕ ਵਿਸ਼ਾਲ ਇਕੱਤਰਤਾ ਬੇਅਦਬੀ (Sacrilege) ਨਾਲ ਜੁੜੇ ਮਾਮਲਿਆਂ ਤੇ ਸਖ਼ਤ ਕਾਨੂੰਨ ਬਣਾਉਣ ਨੂੰ ਲੈ ਕੇ ਹੋਈ ਸਬੰਧੀ ਜਾਣਕਾਰੀ ਦਿੰਦਿਆਂ ਐਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਵੱਖ-ਵੱਖ ਸੰਪਰਦਾਵਾਂ, ਸੰਸਥਾਵਾਂ ਅਤੇ ਸਿੱਖ ਵਿਦਵਾਨਾਂ ਨੇ ਭਾਗ ਲਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਤੋਂ ਲੈ ਕੇ ਅਕਾਲ ਤਖ਼ਤ ਸਾਹਿਬ ਨਾਲ ਸੰਬੰਧਤ ਸਿੰਘ ਸਾਹਿਬਾਨ, ਵੱਖ-ਵੱਖ ਮਿਸ਼ਨਾਂ ਅਤੇ ਦੇਸ਼ ਦੇ ਕਈ ਹਿੱਸਿਆਂ ਤੋਂ ਆਏ ਪ੍ਰਤੀਨਿਧੀਆਂ ਨੇ ਹਾਜ਼ਰੀ ਭਰੀ ।
ਕੀ ਦੱਸਿਆ ਐਡਵੋਕੇਟ ਧਾਮੀ ਨੇ
ਐਡਵੋਕੇਟ ਹਰਜਿੰਦਰ ਧਾਮੀ (Advocate Harjinder Singh Dhami) ਨੇ ਕਿਹਾ ਕਿ ਅੱਜ ਦਾ ਇਹ ਇਕੱਠ ਬਿਨਾਂ ਕਿਸੇ ਰਾਜਨੀਤਕ ਮਕਸਦ ਤੋਂ ਸਿਰਫ ਧਾਰਮਿਕ ਅਤੇ ਪੰਥਕ ਮਸਲੇ ‘ਤੇ ਸਾਂਝੀ ਸੋਚ ਬਣਾਉਣ ਲਈ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਖਾਲਸਾ ਪੰਥ ਵੱਲੋਂ ਸਰਬ-ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਸਰਕਾਰ ਜਦੋਂ ਵੀ ਬੇਅਦਬੀ ਸੰਬੰਧੀ ਕਾਨੂੰਨ ਬਣਾਏ ਉਸ ਤੋਂ ਪਹਿਲਾਂ ਪੰਥਕ ਸੁਝਾਵਾਂ ਨੂੰ ਜ਼ਰੂਰ ਧਿਆਨ ਵਿੱਚ ਰੱਖਿਆ ਜਾਵੇ । ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ 13 ਅਪ੍ਰੈਲ ਨੂੰ ਪੇਸ਼ ਕੀਤੇ ਜਾਣ ਵਾਲੇ ਕਾਨੂੰਨ ਦਾ ਖਰੜਾ ਪਹਿਲਾਂ ਐਸ. ਜੀ. ਪੀ. ਸੀ. (S. G. P. C.) ਅਤੇ ਪੰਥਕ ਜਥੇਬੰਦੀਆਂ ਨੂੰ ਭੇਜਿਆ ਜਾਵੇ ਤਾਂ ਜੋ ਉਸ ‘ਤੇ ਵਿਚਾਰ ਕਰਕੇ ਸੰਯੁਕਤ ਸੁਝਾਅ ਦਿੱਤੇ ਜਾ ਸਕਣ ।
ਬੇਅਦਬੀ ਦੀ ਸਪੱਸ਼ਟ ਪਰਿਭਾਸ਼ਾ ਤਿਆਰ ਕਰਨਾ ਲਾਜਮੀ ਹੈ
ਧਾਮੀ ਨੇ ਕਿਹਾ ਕਿ ਇਸ ਲਈ ਇੱਕ ਕਮੇਟੀ ਬਣਾ ਕੇ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜੀਵੰਤ ਗੁਰੂ ਹਨ ਅਤੇ ਉਨ੍ਹਾਂ ਦੀ ਵਿਲੱਖਣ ਪਛਾਣ ਨੂੰ ਦੇਖਦੇ ਹੋਏ ਬੇਅਦਬੀ ਦੇ ਮਾਮਲਿਆਂ ਲਈ ਵੱਖਰਾ ਅਤੇ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਬੇਅਦਬੀ ਦੀ ਸਪਸ਼ਟ ਪਰਿਭਾਸ਼ਾ ਤਿਆਰ ਕਰਨੀ ਲਾਜ਼ਮੀ ਹੈ ਤਾਂ ਜੋ ਕਾਨੂੰਨ ਨੂੰ ਢੰਗ ਨਾਲ ਲਾਗੂ ਕੀਤਾ ਜਾ ਸਕੇ ।
ਪਿਛਲੇ ਕਈ ਮਾਮਲਿਆਂ ਵਿਚ ਜਾਂਚ ਸਹੀ ਤਰੀਕੇ ਨਾਲ ਨਹੀਂ ਹੋਈ
ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਬੇਅਦਬੀ ਦੇ ਮਾਮਲਿਆਂ ਵਿੱਚ ਜਾਂਚ ਢੰਗ ਨਾਲ ਨਹੀਂ ਹੋਈ ਅਤੇ ਕਈ ਵਾਰ ਦੋਸ਼ੀਆਂ ਨੂੰ “ਮਾਨਸਿਕ ਰੋਗੀ” ਕਹਿ ਕੇ ਮਾਮਲੇ ਬੰਦ ਕਰ ਦਿੱਤੇ ਜਾਂਦੇ ਹਨ, ਇਸ ਲਈ ਸਖ਼ਤ ਸਜ਼ਾਵਾਂ ਅਤੇ ਪੱਕੀ ਜਾਂਚ ਪ੍ਰਣਾਲੀ ਦੀ ਲੋੜ ਹੈ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੇ ਸੁਝਾਅ ਵੀ ਲਿਖਿਤ ਰੂਪ ਵਿੱਚ ਦਿੱਤੇ ਗਏ। ਧਾਮੀ ਨੇ ਕਿਹਾ ਕਿ ਪੰਥਕ ਇਕਤਾ ਨਾਲ ਹੀ ਇਸ ਮਸਲੇ ਦਾ ਪੱਕਾ ਹੱਲ ਨਿਕਲ ਸਕਦਾ ਹੈ ਅਤੇ ਸਰਕਾਰ ਨੂੰ ਵੀ ਪੰਥ ਦੀ ਭਾਵਨਾ ਦਾ ਸਤਿਕਾਰ ਕਰਨਾ ਚਾਹੀਦਾ ਹੈ ।









