ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ : ਕਟਾਰੂਚੱਕ

0
35
Kataruchak

ਹੁਸਿਆਰਪੁਰ, 20 ਅਪ੍ਰੈਲ 2026 : ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਲਾਲ ਚੰਦ ਕਟਾਰੂਚੱਕ ਨੇ ਬੀਤੇ ਦਿਨੀਂ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ।

ਕੀ ਆਖਿਆ ਕੈਬਨਿਟ ਮੰਤਰੀ ਨੇ

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਬੀਤੇ ਦਿਨ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸੂਬੇ ਦੀਆਂ ਮੰਡੀਆਂ ‘ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਕੁੱਲ 28 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ‘ਚੋਂ 24 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ ।

ਸਰਕਾਰ ਨੇ ਮੰਡੀਆਂ ਵਿਚ ਕੀਤੇ ਹਨ ਮਜ਼ਬੂਤ ਖਰੀਦ ਪ੍ਰਬੰਧ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਸਬੰਧਤ ਅਧਿਕਾਰੀਆਂ ਨਾਲ ਦਾਣਾ ਮੰਡੀ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੇੜਲੇ ਪਿੰਡ ਬਸਤੀ ਤੋਂ ਕਿਸਾਨ ਦੇ ਅਨਾਜ ਦਾ ਢੇਰ ਖਰੀਦਿਆ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਮੰਡੀਆਂ ‘ਚ ਮਜ਼ਬੂਤ ਖਰੀਦ ਪ੍ਰਬੰਧ ਕੀਤੇ ਹਨ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਵੇਚਣ ‘ਚ ਕੋਈ ਮੁਸ਼ਕਿਲ ਨਹੀਂ ਆਵੇਗੀ । ਉਨ੍ਹਾਂ ਕਿਹਾ ਕਿ ਕਣਕ ਦੇ 2,585 ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਆਧਾਰ ‘ਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ‘ਚ ਕੁੱਲ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ।

ਕਿਸਾਨਾਂ ਦੀ ਉਪਜ ਦਾ ਦਾਣਾ ਦਾਣਾ ਖਰੀਦਿਆ ਜਾ ਰਿਹੈ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸਾਨਾਂ ਦੀ ਉਪਜ ਦਾ ਹਰ ਦਾਣਾ ਖਰੀਦਿਆ ਜਾ ਰਿਹਾ ਹੈ, ਜਿਸਦੇ ਨਤੀਜੇ ਵਜੋਂ ਮੰਡੀਆਂ ‘ਚ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਕ, ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਭੁਗਤਾਨ ਕੀਤਾ ਜਾ ਰਿਹਾ ਹੈ, ਅਤੇ ਲਿਫਟਿੰਗ ‘ਚ ਵੀ ਤੇਜ਼ੀ ਆ ਰਹੀ ਹੈ ।

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਸਮੱਸਿਆ ਨਾ ਆਵੇ। ਬੋਰੀਆਂ, ਮੰਡੀ ਮਜ਼ਦੂਰਾਂ ਅਤੇ ਢੋਆ-ਢੁਆਈ ਦੇ ਪ੍ਰਬੰਧਾਂ ਦਾ ਜ਼ਿਕਰ ਕਰਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਭਰ ਦੀਆਂ ਮੰਡੀਆਂ ‘ਚ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ, ਅਤੇ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ।

ਕਿਸਾਨਾਂ ਦੀ ਫਸਲ ਦੀ ਖਰੀਦ ਘੱਟੋ-ਘੱਟ ਸਮੇਂ ਵਿਚ ਕੀਤੀ ਜਾ ਰਹੀ ਹੈ

ਕਿਸਾਨਾਂ ਦੁਆਰਾ ਆਪਣੀ ਮਿਹਨਤ ਅਤੇ ਪਸੀਨੇ ਨਾਲ ਪੈਦਾ ਕੀਤੇ ਹਰੇਕ ਦਾਣੇ ਨੂੰ ਖਰੀਦਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ, ਕਿਸਾਨਾਂ ਦੀ ਫਸਲ ਦੀ ਖਰੀਦ ਘੱਟ ਤੋਂ ਘੱਟ ਸਮੇਂ ‘ਚ ਕੀਤੀ ਜਾ ਰਹੀ ਹੈ ਅਤੇ ਨਿਰਧਾਰਤ ਸਮੇਂ ਦੇ ਅੰਦਰ ਉਨ੍ਹਾਂ ਦੇ ਖਾਤਿਆਂ ‘ਚ ਭੁਗਤਾਨ ਕੀਤਾ ਜਾ ਰਿਹਾ ਹੈ ।

ਕੀ ਅਪੀਲ ਕੀਤੀ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ, ਸਗੋਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦੁਆਰਾ ਪ੍ਰਦਾਨ ਕੀਤੀ ਮਸ਼ੀਨਰੀ ਦੀ ਵਰਤੋਂ ਕਰਕੇ ਖੇਤਾਂ ‘ਚ ਇਸਦਾ ਪ੍ਰਬੰਧਨ ਕਰਨ । ਹਾਲ ਹੀ ‘ਚ ਹੋਈ ਬੇਮੌਸਮੀ ਬਾਰਿਸ਼ ਕਾਰਨ ਹੋਏ ਫਸਲਾਂ ਦੇ ਨੁਕਸਾਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਇੱਕ ਵਿਸ਼ੇਸ਼ ਸਰਵੇਖਣ ਦੇ ਹੁਕਮ ਦਿੱਤੇ ਹਨ, ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ।

ਕੀ ਆਖਿਆ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ (MLA Jasvir Singh Raja Gill) ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਲਾਂ ਵਾਂਗ ਕਿਸਾਨਾਂ ਦੀਆਂ ਫਸਲਾਂ ਦੀ ਸੁਚਾਰੂ ਖਰੀਦ ਅਤੇ ਇੱਕੋ ਸਮੇਂ ਚੁਕਾਈ ਨੂੰ ਯਕੀਨੀ ਬਣਾਏਗੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬਾ ਸਰਕਾਰ ਨੇ ਲਗਾਤਾਰ ਕਿਸਾਨਾਂ ਦਾ ਸਮਰਥਨ ਕੀਤਾ ਹੈ ਅਤੇ ਕਈ ਵੱਡੇ ਕਿਸਾਨ-ਪੱਖੀ ਫੈਸਲੇ ਲਾਗੂ ਕੀਤੇ ਹਨ, ਜਿਨ੍ਹਾਂ ਦਾ ਸੂਬੇ ਭਰ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾ ਰਹੀ ਹੈ ।

ਜਿਲੇ ਵਿਚ ਕਿੰਨੇ ਮੀਟਰਿਕ ਟਨ ਕਣਕ ਆਉਣ ਦੀ ਹੈ ਉਮੀਦ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਡੀਆਂ ‘ਚ ਕਿਸਾਨਾਂ ਦੀਆਂ ਫਸਲਾਂ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ । ਜਿਕਰਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ‘ਚ ਕੁੱਲ 78 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 65 ਮੰਡੀਆਂ ਸਥਾਈ ਹਨ ਅਤੇ 13 ਥਾਵਾਂ ‘ਤੇ ਖਰੀਦ ਲਈ ਅਸਥਾਈ ਪ੍ਰਬੰਧ ਕੀਤੇ ਗਏ ਹਨ, ਜਦੋਂ ਕਿ ਜਿਲ੍ਹੇ ‘ਚ ਕੁੱਲ 3,16,000 ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਹੈ ।

 

LEAVE A REPLY

Please enter your comment!
Please enter your name here