ਅੰਮ੍ਰਿਤਸਰ, 28 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਆਮ ਆਦਮੀ ਪਾਰਟੀ ਦੇ ਵਾਰਡ ਪ੍ਰਧਾਨ ਤੇ ਇੰਚਾਰਜ ਜੈਪਾਲ ਸਿੰਘ ਤੇ ਤਾਬੜਤੋੜ ਗੋਲੀਬਾਰੀ (Shooting) ਕੀਤੀ ਗਈ ਹੈ ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਵਾਰਡ ਨੰਬਰ 47 ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਵਾਰਡ ਪ੍ਰਧਾਨ ਅਤੇ ਇੰਚਾਰਜ ਜੈਪਾਲ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ । ਗੋਲੀ ਲੱਗਣ ਕਾਰਨ ਜੈਪਾਲ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ (Injured) ਹੋ ਗਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।
ਕੀ ਕਾਰਨ ਸੀ ਅਜਿਹਾ ਕਰਨ ਦਾ
ਮਿਲੀ ਜਾਣਕਾਰੀ ਮੁਤਾਬਕ ਇਹ ਸਾਰਾ ਵਿਵਾਦ ਘਰ ਦੇ ਬਾਹਰ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਸ਼ੁਰੂ ਹੋਇਆ ਸੀ । ਵਾਰਡ ਇੰਚਾਰਜ ਜੈਪਾਲ ਸਿੰਘ ਦਾ ਆਪਣੇ ਗੁਆਂਢੀਆਂ ਨਾਲ ਇਸੇ ਗੱਲ ‘ਤੇ ਝਗੜਾ ਹੋ ਗਿਆ, ਜਿਸ ਨੇ ਖੂਨੀ ਰੂਪ ਧਾਰਨ ਕਰ ਲਿਆ ਅਤੇ ਦੂਜੀ ਧਿਰ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ । ਇਸ ਵਾਰਦਾਤ ਦੀ ਇੱਕ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇਹ ਸਾਰੀ ਘਟਨਾ ਕੈਦ ਹੋ ਗਈ ਹੈ ।
ਵਿਧਾਇਕ ਇੰਦਰਜੀਤ ਸਿੰਘ ਨਿੱਜਰ ਮੌਕੇ ‘ਤੇ ਪਹੁੰਚੇ
ਘਟਨਾ ਦੀ ਸੂਚਨਾ ਮਿਲਦਿਆਂ ਹੀ ਹਲਕੇ ਦੇ ਇੰਚਾਰਜ ਅਤੇ ਮੌਜੂਦਾ ਵਿਧਾਇਕ ਡਾ. ਇੰਦਰਜੀਤ ਸਿੰਘ ਨਿੱਜਰ ਮੌਕੇ ‘ਤੇ ਪਹੁੰਚੇ । ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਿਲਹਾਲ ਜੈਪਾਲ ਸਿੰਘ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਜ਼ਖਮੀ ਆਗੂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ
ਵਾਰਦਾਤ ਤੋਂ ਤੁਰੰਤ ਬਾਅਦ ਸਥਾਨਕ ਪੁਲਸ ਵੀ ਮੌਕੇ ‘ਤੇ ਪਹੁੰਚ ਗਈ । ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।









