ਚੰਡੀਗੜ੍ਹ/ਕਪੂਰਥਲਾ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ (Illegal weapons networks) ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ (Nine country-made pistols) ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਦੇ ਰਹਿਣ ਵਾਲੇ ਅਮਨਦੀਪ ਉਰਫ਼ ਅਮਨ, ਨਕੋਦਰ (ਜਲੰਧਰ) ਦੇ ਖਾਨਪੁਰ ਢੱਡਾ ਦੇ ਰਹਿਣ ਵਾਲੇ ਹਰਜੀਤ ਸਿੰਘ ਉਰਫ਼ ਜੀਤਾ ਅਤੇ ਜਮਸ਼ੇਰ( ਜਲੰਧਰ) ਦੇ ਮੁਹੱਲਾ ਬਗੀਚੀ ਦੇ ਰਹਿਣ ਵਾਲੇ ਲਵਪ੍ਰੀਤ ਉਰਫ਼ ਬਾਬਾ ਵਜੋਂ ਹੋਈ ਹੈ।
ਸਥਾਨਕ ਗਿਰੋਹਾਂ ਨੂੰ ਗੋਲੀਬਾਰੀ ਅਤੇ ਫਿਰੌਤੀ ਦੀਆਂ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ ਮੁਲਜ਼ਮ ਅਮਨਦੀਪ : ਡੀ. ਜੀ. ਪੀ. ਗੌਰਵ ਯਾਦਵ
ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਨਦੀਪ ਸੁਲਤਾਨਪੁਰ ਲੋਧੀ ਖੇਤਰ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦਾ ਸਰਗਰਮ ਮੈਂਬਰ ਹੈ, ਅਤੇ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਗਿਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ ।
ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਕੀਤੀ ਜਾ ਰਹੀ ਹੈ ਜਾਂਚ
ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਬੇਅਸਰ ਕੀਤਾ ਜਾ ਸਕੇ । ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐਸ. ਐਸ. ਪੀ.) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਮੁੱਖ ਮੁਲਜ਼ਮ ਅਮਨਦੀਪ ਨੂੰ ਕਪੂਰਥਲਾ ਦੇ ਲਿੰਕ ਰੋਡ ਤਲਵੰਡੀ ਮਹਿਮਾ ਤੋਂ ਗ੍ਰਿਫ਼ਤਾਰ (Arrested) ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਬਰਾਮਦ ਕੀਤੇ ਸਨ । ਜਾਂਚ ਦੌਰਾਨ ਦੋਸ਼ੀ ਅਮਨਦੀਪ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਆਪਣੇ ਸਾਥੀਆਂ ਲਵਪ੍ਰੀਤ ਉਰਫ਼ ਬਾਬਾ ਅਤੇ ਹਰਜੀਤ ਸਿੰਘ ਉਰਫ਼ ਜੀਤਾ ਨੂੰ ਦੋ ਪਿਸਤੌਲ ਸਪਲਾਈ ਕੀਤੇ ਸਨ । ਉਨ੍ਹਾਂ ਕਿਹਾ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਉਨ੍ਹਾਂ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦ ਰਹੇ ਸਨ : ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ
ਐਸ. ਐਸ. ਪੀ. (S. S. P.) ਨੇ ਕਿਹਾ ਕਿ ਦੋਸ਼ੀ ਅਮਨਦੀਪ ਤੋਂ ਹੋਰ ਪੁੱਛਗਿੱਛ ਕਰਨ ’ਤੇ ਉਸਦੇ ਘਰ ਵਿੱਚ ਦੱਬੇ ਤਿੰਨ ਹੋਰ ਦੇਸੀ ਪਿਸਤੌਲ ਬਰਾਮਦ ਹੋਏ ਹਨ । ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਦੇਸੀ ਹਥਿਆਰ ਖਰੀਦ ਕੇ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਦੇ ਸਨ । ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ ਐਫ. ਆਈ. ਆਰ. ਨੰਬਰ 254 ਮਿਤੀ 15.11.2025 ਨੂੰ ਪੁਲਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਅਤੇ ਐਫ. ਆਈ. ਆਰ. ਨੰ. 270 ਮਿਤੀ 2-11-25 ਨੂੰ ਬੀ. ਐਨ. ਐਸ. ਦੀਆਂ ਧਾਰਾਵਾਂ 109, 61 (2) ਅਤੇ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਦਰਜ ਕੀਤੇ ਗਏ ਹਨ ।
Read More : ਡੀ. ਜੀ. ਪੀ. ਪੰਜਾਬ ਨੇ ਕੀਤੇ ਪੁਲਸ ਵਿੱਚ 3400 ਕਾਂਸਟੇਬਲਾਂ ਦੀ ਸਿੱਧੀ ਭਰਤੀ ਦੇ ਹੁਕਮ









