ਨੌਜਵਾਨ ਲਗਾਤਾਰ ਅਗਨੀਪਥ ਸਕੀਮ ਦਾ ਵਿਰੋਧ ਕਰ ਰਹੇ ਹਨ। ਫੌਜ ਵਿੱਚ ਭਰਤੀ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਲਿਆਉਣ ਤੋਂ ਬਾਅਦ ਲਗਾਤਾਰ ਭਾਰਤ ਵਿਚ ਵਿਰੋਧ ਚਲ ਰਿਹਾ ਹੈ। ਇਸ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ ਅਤੇ ਸੜਕਾਂ ‘ਤੇ ਉਤਰਕੇ ਤੋੜਫੋੜ ਅਤੇ ਸਾੜ ਫੂਕ ਕੀਤੀ ਗਈ। ਦੇਸ਼ ਭਰ ਵਿੱਚ ਇਸ ਯੋਜਨਾ ਦੇ ਵਿਰੋਧ ਵਿਚ ਅੱਜ ਕਈ ਸੰਗਠਨਾਂ ਵੱਲੋਂ ਅੱਜ 20 ਜੂਨ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ। ਭਾਰਤ ਬੰਦ ਦੇ ਐਲਾਨ ਬਾਅਦ ਸੂਬਿਆਂ ਵਿਚ ਪੁਲਿਸ ਨੇ ਆਪਣੀ ਸੁਰੱਖਿਆ ਪ੍ਰਬੰਧ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਰੇਲਵੇ ਦੇ ਨੁਕਸਾਨ ਨੂੰ ਬਚਾਉਣ ਲਈ ਜੀਆਰਪੀ ਅਤੇ ਆਰਪੀਐਫ ਨੇ ਕਮਰ ਕਸ ਲਈ ਹੈ।
ਪੰਜਾਬ ਦੇ ਏਡੀਜੀਪੀ ਨੇ ਸਾਰੇ ਐਸਐਸਪੀ ਨੂੰ ਭਾਰਤ ਬੰਦ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਨੂੰ ਲੈ ਕੇ ਵਿਸ਼ੇਸ਼ ਹੁਕਮ ਦਿੱਤੇ ਹਨ। ਉਨ੍ਹਾਂ ਇਕ ਟਵੀਟ ਵਿੱਚ ਕਿਹਾ ਕਿ ਅਸੀਂ ਸੋਸ਼ਲ ਮੀਡੀਆ ਤੋਂ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਉਤੇ ਵੀ ਨਜ਼ਰ ਰੱਖੀ ਹੋਈ ਹੈ। ਅਸੀਂ ਇਸ ਗੱਲ ਦਾ ਖਾਸ ਖਿਆਲ ਰੱਖਾਂਗੇ ਕਿ ਭਾਰਤ ਬੰਦ ਦੌਰਾਨ ਕੋਈ ਇਸ ਪਲੇਟਫਾਰਮ ਦੀ ਗਲਤ ਵਰਤੋਂ ਨਾ ਕਰਨ।
ਹਰਿਆਣਾ ਰਾਜ ਦੀ ਫਰੀਦਾਬਾਦ ਪੁਲਿਸ ਨੇ ਭਾਰਤ ਬੰਦ ਦੇ ਮੱਦੇਨਜ਼ਰ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ 2,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਹਨ। ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ 12 ਪੁਲਿਸ ਨਾਕੇ ਲਗਾਏ ਗਏ ਹਨ ਅਤੇ ਵੀਡੀਓਗ੍ਰਾਫੀ ਦਾ ਪ੍ਰਬੰਧ ਕੀਤਾ ਗਿਆ ਹੈ | ਹਰਿਆਣਾ ਉਨ੍ਹਾਂ ਰਾਜਾਂ ਵਿੱਚੋਂ ਇੱਕ ਹੈ ਜਿੱਥੇ ਅਗਨੀਪਥ ਯੋਜਨਾ ਦੇ ਖਿਲਾਫ ਹਿੰਸਕ ਵਿਰੋਧ ਪ੍ਰਦਰਸ਼ਨ ਹੋਏ ਹਨ। ਕੇਰਲ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਕਿਹਾ ਹੈ ਕਿ ਸੋਮਵਾਰ ਨੂੰ ਭਾਰਤ ਬੰਦ ਦੌਰਾਨ ਹਿੰਸਾ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਫੋਰਸ ਡਿਊਟੀ ‘ਤੇ ਰਹੇਗੀ।
ਕੇਰਲ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਕਾਰੋਬਾਰਾਂ ਨੂੰ ਜ਼ਬਰਦਸਤੀ ਬੰਦ ਕਰਨ ਤੋਂ ਰੋਕਣ ਅਤੇ ਅਦਾਲਤਾਂ, ਰਾਜ ਬਿਜਲੀ ਬੋਰਡ (ਕੇਐਸਈਬੀ) ਅਤੇ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇਐਸਆਰਟੀਸੀ) ਦੇ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਝਾਰਖੰਡ ਸਰਕਾਰ ਦੇ ਸਿੱਖਿਆ ਵਿਭਾਗ ਦੇ ਸਕੱਤਰ ਰਾਜੇਸ਼ ਸ਼ਰਮਾ ਨੇ ਕਿਹਾ ਹੈ ਕਿ ਕੁਝ ਸੰਗਠਨਾਂ ਵੱਲੋਂ ਭਾਰਤ ਬੰਦ ਦੇ ਐਲਾਨ ਦੇ ਮੱਦੇਨਜ਼ਰ ਸੋਮਵਾਰ ਨੂੰ ਸੂਬੇ ਦੇ ਸਾਰੇ ਸਕੂਲ ਬੰਦ ਰਹਿਣਗੇ। ਉੱਤਰ ਪ੍ਰਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।