ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਟੋਰਨੈਡੋ ਤੂਫਾਨ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 26 ਹੋ ਗਈ ਹੈ। ਖੇਤਰ ਵਿੱਚ ਭਾਰੀ ਮੀਂਹ ਦੌਰਾਨ ਗੋਲਫ ਦੀਆਂ ਗੇਂਦਾਂ ਜਿੰਨੇ ਵੱਡੇ ਗੜੇ ਡਿੱਗੇ। ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ। ਸ਼ਨੀਵਾਰ ਨੂੰ ਐਮਰਜੈਂਸੀ ਸੇਵਾਵਾਂ ਨੇ ਮਲਬੇ ‘ਚ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਚਲਾਈ।
ਹਾਲਾਂਕਿ ਤੂਫਾਨ ਨਾਲ ਤਬਾਹ ਹੋਈਆਂ ਇਮਾਰਤਾਂ ‘ਚ ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਜਲਦੀ ਤੋਂ ਜਲਦੀ ਮਦਦ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।
ਐਮਰਜੈਂਸੀ ਸੇਵਾਵਾਂ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਖ਼ਤਰਨਾਕ ਤੂਫ਼ਾਨ ਕਾਰਨ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ ਅਤੇ ਕਈ ਲਾਪਤਾ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੂਜੇ ਪਾਸੇ ਅੱਜ ਯਾਨੀ ਐਤਵਾਰ ਰਾਤ ਨੂੰ ਫਿਰ ਤੋਂ ਤੂਫਾਨ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਕਰੀਬ 20 ਲੱਖ ਲੋਕਾਂ ਦੀ ਜਾਨ ਨੂੰ ਖਤਰਾ ਹੈ।