ਅੱਜ ਦਿੱਲੀ ਮਾਰਚ ਦੇ 2 ਸਾਲ ਪੂਰੇ ਹੋ ਗਏ ਹਨ। ਅੱਜ ਕਿਸਾਨੀ ਅੰਦੋਲਨ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਰਾਜ ਭਵਨਾਂ ਵੱਲ ਕੂਚ ਕਰਦਿਆਂ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਆਪੋ-ਆਪਣੇ ਸੂਬਿਆਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇ ਜਾਣਗੇ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਡਾ. ਦਰਸ਼ਨਪਾਲ, ਇੰਡੀਅਨ ਫਰਾਮਰਜ ਐਸ਼ੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਸਵੇਰੇ 11 ਵਜੇ ਮੁਹਾਲੀ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠੇ ਹੋਣਗੇ। ਇਹ ਮਾਰਚ ਸਵੇਰੇ 11 ਵਜੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਰਵਾਨਾ ਹੋ ਕੇ ਰਾਜ ਭਵਨ ਤੱਕ ਜਾਵੇਗਾ ਅਤੇ ਰਾਜਪਾਲ ਨੂੰ ਮੰਗ ਪੱਤਰ ਸੌਂਪੇਗਾ। ਇੱਥੇ ਕਿਸਾਨਾਂ ਦੀਆਂ ਮੰਗਾਂ ਤੇ ਸੂਬੇ ਦੇ ਹੋਰ ਭਖਦੇ ਮਸਲਿਆਂ ’ਤੇ ਵਿਚਾਰ ਚਰਚਾ ਕਰਨ ਮਗਰੋਂ ਬਾਅਦ ਦੁਪਹਿਰ ਇੱਕ ਵਜੇ ਪੰਜਾਬ ਰਾਜ ਭਵਨ ਵੱਲ ਸ਼ਾਂਤਮਈ ਤਰੀਕੇ ਨਾਲ ਰੋਸ ਮਾਰਚ ਕੀਤਾ ਜਾਵੇਗਾ।

ਕਿਸਾਨ ਆਗੂ ਜੁਗਿੰਦਰ ਸਿੰਘ ਉਗਰਾਹਾ ਦਾ ਕਹਿਣਾ ਹੈ ਕਿ ਜਿਹੜੇ ਕਿਸਾਨਾਂ ਉੱਤੇ ਅੰਦੋਲਨ ਦੌਰਾਨ ਕੇਸ ਦਰਜ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਮੁਲਜ਼ਮਾਂ ਨੂੰ ਸਜਾ ਨਹੀ ਮਿਲੀ ਇਸ ਦਾ ਵਿਰੋਧ ਕਰਦੇ ਹਾਂ।

ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ 26 ਨਵੰਬਰ ਤੋਂ ਕਿਸਾਨੀ ਅੰਦੋਲਨ ਦਾ ਦੂਜਾ ਪੜਾ ਸ਼ੁਰੂ ਹੋਵੇਗਾ। ਇਸ ਲਈ ਕਿਸਾਨਾਂ ਨੇ ਦੋ ਕਮੇਟੀਆਂ ਦਾ ਗਠਨ ਕੀਤਾ ਹੈ ਇਕ ਕਮੇਟੀ ਵਿੱਚ 6 ਮੈਂਬਰ ਹਨ ਅਤੇ ਦੂਜੀ ਵਿੱਚ 8 ਮੈਂਬਰ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨਾਲ ਗੱਲਬਾਤ ਕਰਨ ਲਈ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿਚ ਜੋਗਿੰਦਰ ਉਗਰਾਹਾ, ਦਰਸ਼ਨਪਾਲ, ਹਰਮੀਤ ਕਾਦੀਆਂ, ਬਲਦੇਵ ਨਿਹਾਲਗੜ, ਸਤਨਾਮ ਸਿੰਘ ਅਜਨਾਲਾ, ਹਰਿੰਦਰ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਮਲੂਕ ਸਿੰਘ ਆਦਿ ਹਨ।