ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਮਾਮਲੇ ਵਿਚ ਕਿਸੇ ਵੀ ਬੇਗੁਨਾਹ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੂੰ ਵੈਰੀਫਿਕੇਸ਼ਨ ਕਰਨ ਮਗਰੋਂ ਛੱਡ ਦਿੱਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਆਈ.ਜੀ ਸੁਖਚੈਨ ਗਿੱਲ ਨੇ ਕਿਹਾ ਕਿ ਅੰਮ੍ਰਿਤਪਾਲ ਮਾਮਲੇ ਵਿਚ ਕਿਸੇ ਵੀ ਬੇਗੁਨਾਹ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਜਿਹੜੇ ਭੜਕੇ ਹੋਏ 177 ਨੌਜਵਾਨਾਂ ਨੂੰ ਇਹਤਿਆਤ ਦੇ ਤੌਰ ਉਤੇ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਨੂੰ ਵੈਰੀਫਿਕੇਸ਼ਨ ਕਰਨ ਮਗਰੋਂ ਛੱਡ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿਨਾਂ ਗੱਲ ਤੋਂ ਕਿਸੇ ਨੂੰ ਤੰਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੀ ਸਥਿਤੀ ਕੰਟਰੋਲ ਅਧੀਨ ਦੱਸਿਆ। ਇਹ ਵੀ ਦੱਸਿਆ ਕਿ ਸਿਰਫ਼ 30 ਕੱਟੜ ਸਮਰਥਕਾਂ ’ਤੇ ਫ਼ੌਜਦਾਰੀ ਕੇਸ ਦਰਜ ਕੀਤੇ ਗਏ ਹਨ।

ਪੰਜਾਬ ਦੇ ਮਾਹੌਲ ਬਾਰੇ ਬੋਲਦੇ ਹੋਏ ਸੁਖਚੈਨ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਬਰਕਰਾਰ ਹੈ ਅਤੇ ਪੰਜਾਬ ਪੁਲਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਲਗਾਤਾਰ ਰਾਬਤਾ ਕਾਇਮ ਹੈ। ਜਿਹੜੇ ਮੋਟਰਸਾਈਕਲ ਅੰਮ੍ਰਿਤਪਾਲ ਨੇ ਵਰਤੇ ਹਨ, ਉਹ ਸਾਰੇ ਬਰਾਮਦ ਕਰ ਲਏ ਗਏ ਹਨ ਅਤੇ ਕਾਨੂੰਨ ਮੁਤਾਬਕ ਸਾਰੀ ਕਾਰਵਾਈ ਕੀਤੀ ਜਾਵੇਗੀ।