ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਇਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਅੰਦਰ ਰਾਗੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਲਲਕਾਰਨ ਅਤੇ ਹਮਲਾ ਕਰਨ ਦੀ ਕਰੜੀ ਨਿੰਦਾ ਕਰਦਿਆਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਦਾ ਵਿਸ਼ਾ ਹੈ, ਜਿਸ ਵੱਲ ਪੰਜਾਬ ਦੀ ਸਰਕਾਰ ਨੂੰ ਉਚੇਚਾ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਵਿਚ ਇਕ ਵਿਅਕਤੀ ਵੱਲੋਂ ਸੇਵਾਦਾਰਾਂ ਅਤੇ ਰਾਗੀ ਸਿੰਘਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਇਹ ਵਿਅਕਤੀ ਗੁਰਦੁਆਰਾ ਸਾਹਿਬ ਦੇ ਅੰਦਰ ਆਇਆ ਅਤੇ ਮੱਥਾ ਟੇਕਣ ਮਗਰੋਂ ਰਾਗੀ ਸਿੰਘਾਂ ਨੂੰ ਲਲਕਾਰਨ ਲੱਗਾ। ਇਸੇ ਦੌਰਾਨ ਸੇਵਾਦਾਰਾਂ ਵੱਲੋਂ ਰੋਕਣ ’ਤੇ ਉਸ ਨੇ ਛੋਟੀ ਕਿਰਪਾਨ ਨਾਲ ਸੇਵਾਦਾਰਾਂ ਅਤੇ ਰਾਗ ਸਿੰਘਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਕਿਸ ਮਨਸ਼ਾ ਨਾਲ ਆਇਆ ਸੀ, ਪੁਲਿਸ ਪ੍ਰਸ਼ਾਸਨ ਗੰਭੀਰਤਾ ਨਾਲ ਜਾਂਚ ਕਰੇ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਪ੍ਰਤੀ ਠੋਸ ਕਦਮ ਉਠਾਉਣ ਲਈ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਬੇ ਅੰਦਰ ਵਾਰ-ਵਾਰ ਗੁਰਦੁਆਰਾ ਸਾਹਿਬਾਨ ਅੰਦਰ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਚਿੰਤਾ ਦੀ ਗੱਲ ਇਹ ਹੈ ਕਿ ਇਸ ਪਿੱਛੇ ਅਸਲ ਤਾਕਤਾਂ ਤੱਕ ਸਰਕਾਰੀ ਤੰਤਰ ਨਹੀਂ ਪਹੁੰਚ ਰਿਹਾ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਦੀ ਘਟਨਾ ਦੇ ਦੋਸ਼ੀ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਉਸ ਵਿਰੁੱਧ ਪੁਲਿਸ ਨੇ ਧਾਰਾ 295-ਏ ਅਤੇ 323 ਤਹਿਤ ਪਰਚਾ ਕਰ ਲਿਆ ਹੈ।