ਦੇਸ਼ ਭਰ ‘ਚ ਅਗਨੀਪਥ ਯੋਜਨਾ ਨੂੰ ਲੈ ਕੇ ਚੱਲ ਰਹੇ ਹੰਗਾਮੇ ਦਰਮਿਆਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਅਗਨੀਪਥ ਯੋਜਨਾ ਅਤੇ ਅਗਨੀਵੀਰ ਸੰਬੰਧੀ ਫਰਜ਼ੀ ਖ਼ਬਰਾਂ ਫੈਲਾਉਣ ਵਾਲੇ 35 ਵਟਸਐਪ ਗਰੁੱਪਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੱਸ ਦਈਏ ਕਿ ਦੇਸ਼ ਭਰ ‘ਚ ਫੌਜ ‘ਚ ਭਰਤੀ ਲਈ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਅਗਨੀਪਥ ਯੋਜਨਾ ਦੇ ਖਿਲਾਫ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਨੌਜਵਾਨ ਸੜਕਾਂ ‘ਤੇ ਭੰਨਤੋੜ ਕਰ ਰਹੇ ਹਨ। ਇਸ ਦੌਰਾਨ ਹੁਣ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਜਿਸ ਕਾਰਨ ਪੁਲਿਸ ਨੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।
ਭਾਰਤ ਬੰਦ ਦੇ ਐਲਾਨ ਤੋਂ ਬਾਅਦ ਆਰਪੀਐਫ ਅਤੇ ਜੀਆਰਪੀ ਅਧਿਕਾਰੀਆਂ ਨੇ ਕਿਹਾ ਹੈ ਕਿ ਜੇਕਰ ਕੋਈ ਪ੍ਰਦਰਸ਼ਨਕਾਰੀ ਹਿੰਸਾ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਦੇ ਨਾਲ ਹੀ ਮੋਬਾਈਲ, ਕੈਮਰੇ, ਸੀਸੀਟੀਵੀ ਰਾਹੀਂ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਡਿਜੀਟਲ ਸਬੂਤ ਇਕੱਠੇ ਕਰਨ ਦੇ ਹੁਕਮ ਦਿੱਤੇ ਗਏ ਹਨ।









