ਹਵਾ ਪ੍ਰਦੂਸ਼ਣ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਦਿੱਲੀ ਵਾਸੀਆਂ ਦਾ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਗੰਭੀਰ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਸਰਕਾਰ ਨੇ 9 ਤੋਂ 18 ਨਵੰਬਰ ਤੱਕ ਸਕੂਲਾਂ ‘ਚ ਜਲਦੀ ਸਰਦ ਰੁੱਤ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਵਿਚ ਵੱਧਦੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਸਰਕਾਰ ਨੂੰ ਇਹ ਫ਼ੈਸਲਾ ਲੈਣਾ ਪਿਆ। ਦਿੱਲੀ ਸਰਕਾਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਗੰਭੀਰ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਦੇ ਸਾਰੇ ਸਕੂਲਾਂ ਵਿਚ 9 ਤੋਂ 18 ਨਵੰਬਰ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਰਹਿਣਗੀਆਂ। ਦੱਸ ਦੇਈਏ ਕਿ ਦਿੱਲੀ ਵਿਚ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ ਵਿਚ ਬਣੀ ਹੋਈ ਹੈ ਅਤੇ ਸ਼ਹਿਰ ਦੇ ਉੱਪਰ ਧੁੰਦ ਛਾਈ ਹੋਈ ਹੈ।
ਹਾਲਾਂਕਿ ਸਰਦੀਆਂ ਦੀਆਂ ਛੁੱਟੀਆਂ ਹਰ ਸਾਲ 25 ਦਸੰਬਰ ਤੋਂ ਬਾਅਦ ਆਉਂਦੀਆਂ ਹਨ ਪਰ ਇਸ ਵਾਰ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਆਪਣਾ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਸਰਦੀਆਂ ਦੀਆਂ ਸ਼ੁਰੂਆਤੀ ਛੁੱਟੀਆਂ ਹਨ। ਇਹ ਸਰਦੀਆਂ ਦੀਆਂ ਛੁੱਟੀਆਂ ਦਾ ਪਹਿਲਾ ਹਿੱਸਾ ਹੈ। ਵਿਭਾਗ ਨੇ ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਦੇ ਬਾਕੀ ਹਿੱਸੇ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।