ਪਾਕਿਸਤਾਨ ਵਿਚ ਆਮ ਚੋਣਾਂ ਲਈ ਅੱਜ ਸਵੇਰ ਤੋਂ ਹੀ ਵੋਟਿੰਗ ਸ਼ੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਲੈ ਕੇ ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਨੈਸ਼ਨਲ ਅਸੈਂਬਲੀ ਵਿੱਚ 336 ਸੀਟਾਂ ਹਨ, ਜਿਨ੍ਹਾਂ ਵਿੱਚੋਂ 266 ਉਮੀਦਵਾਰਾਂ ਨੂੰ ਸਿੱਧੀ ਵੋਟਿੰਗ ਪ੍ਰਕਿਰਿਆ ਰਾਹੀਂ ਵੋਟ ਦਿੱਤੀ ਜਾਵੇਗੀ।
ਇਹ ਵੋਟਿੰਗ ਪ੍ਰਕਿਰਿਆ ਸਵੇਰੇ ਸ਼ੁਰੂ ਹੋਈ ਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਨ੍ਹਾਂ ਚੋਣਾਂ ਵਿੱਚ ਦੇਸ਼ ਭਰ ਵਿੱਚ ਕੁੱਲ 12,85,85,760 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।
ਇਸਦੇ ਨਾਲ ਹੀ ਅੱਜ ਦੇਸ਼ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ।
ਇਹ ਚੋਣ ਦੁਨੀਆ ਦੇ ਪੰਜਵੇਂ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਅਤੇ ਚਾਰ ਸੂਬਿਆਂ- ਪੰਜਾਬ, ਸਿੰਘ, ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਅਗਲੀ ਸਰਕਾਰ ਦੇ ਗਠਨ ਦਾ ਫੈਸਲਾ ਕਰੇਗੀ।
ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਦੌਰਾਨ ਪਾਕਿਸਤਾਨ ਵਿੱਚ ਮੋਬਾਈਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਵਿਗੜਦੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਮੋਬਾਈਲ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ।
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜੇਲ੍ਹ ‘ਚ ਹੋਣ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ।
ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਉਮੀਦਵਾਰ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਪਾਰਟੀ ਨੂੰ ਚੋਣ ਨਿਸ਼ਾਨ ਕ੍ਰਿਕਟ ‘ਬੱਲੇ’ ਤੋਂ ਵਾਂਝੇ ਕਰਨ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਆਜ਼ਾਦ ਵਜੋਂ ਚੋਣ ਲੜ ਰਹੇ ਹਨ। ਆਮ ਚੋਣਾਂ ਲਈ ਲਗਭਗ 6,50,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਚੋਣ ਵਿੱਚ 12.85 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਵੋਟ ਪਾ ਸਕਣਗੇ।
ਈ.ਸੀ.ਪੀ ਨੇ ਐਲਾਨ ਕੀਤਾ ਕਿ ਨੈਸ਼ਨਲ ਅਸੈਂਬਲੀ ਦੀਆਂ 265 ਜਨਰਲ ਸੀਟਾਂ ਲਈ 5,000 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ ਅਤੇ ਖੈਬਰ ਪਖਤੂਨਖਵਾ, ਪੰਜਾਬ, ਬਲੋਚਿਸਤਾਨ ਅਤੇ ਸਿੰਧ ਸਮੇਤ ਚਾਰ ਸੂਬਿਆਂ ਵਿੱਚ ਸੂਬਾਈ ਅਸੈਂਬਲੀਆਂ ਦੀਆਂ 590 ਜਨਰਲ ਸੀਟਾਂ ਲਈ 12,000 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ।
ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਈ..ਸੀਪੀ ਮੁਤਾਬਕ ਨੈਸ਼ਨਲ ਅਸੈਂਬਲੀ ਲਈ 266 ਸੀਟਾਂ ਲਈ ਚੋਣਾਂ ਹੋਣੀਆਂ ਸਨ, ਪਰ ਇੱਕ ਉਮੀਦਵਾਰ ਦੀ ਮੌਤ ਕਾਰਨ ਇੱਕ ਸੀਟ ਲਈ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ।