ਕੈਨੇਡਾ ‘ਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਬਰਨਾਲਾ ਦੇ ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਬੀਮਾਰੀ ਕਾਰਨ ਮੌਤ ਹੋ ਗਈ । ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਗੁਰਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ।

ਹੁਣ ਰਿਸ਼ਤੇਦਾਰਾਂ ਵੱਲੋਂ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਕੋੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵੱਡੀ ਗੱਲ ਇਹ ਹੈ ਕਿ ਮ੍ਰਿਤਕ ਦੀ ਮਾਂ ਨੂੰ ਉਸ ਦੇ ਪੁੱਤਰ ਦੀ ਮੌਤ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਰਿਸ਼ਤੇਦਾਰਾਂ ਮੁਤਾਬਕ ਮ੍ਰਿਤਕ ਨੌਜਵਾਨ ਅਤੇ ਉਸ ਦੀ ਪਤਨੀ ਕੈਨੇਡਾ ਵਿੱਚ ਵੱਖ-ਵੱਖ ਰਹਿ ਰਹੇ ਸਨ ਪਰ ਕਾਨੂੰਨੀ ਤੌਰ ’ਤੇ ਗੁਰਪ੍ਰੀਤ ਦੀ ਲਾਸ਼ ਭਾਰਤ ਲਿਆਉਣ ਲਈ ਉਸ ਦੀ ਪਤਨੀ ਦੀ ਸਹਿਮਤੀ ਜ਼ਰੂਰੀ ਹੈ। ਪਰ ਮ੍ਰਿਤਕ ਦੀ ਪਤਨੀ ਦੇ ਰਿਸ਼ਤੇਦਾਰ ਕੋਈ ਮਦਦ ਨਹੀਂ ਕਰ ਰਹੇ ਜਿਸ ਕਾਰਨ ਪਰਿਵਾਰ ਦੋਹਰਾ ਦਰਦ ਝੱਲਣ ਲਈ ਮਜਬੂਰ ਹੈ।

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਨੂੰ ਗੁਰਪ੍ਰੀਤ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਦੀ ਅਪੀਲ ਕੀਤੀ ਹੈ।