ਪੰਜਾਬ ਵਿਚ 2015 ਵਿਚ ਵਾਪਰੇ ਤਿੰਨ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੇ ਜਾਣ ਦੀ ਮੰਗ ਕਰਦਿਆਂ ਡੇਰਾ ਸਿਰਸਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੰਭਾਵਨਾ ਹੈ ਕਿ ਉਹਨਾਂ ਦੀ ਅਰਜ਼ੀ ’ਤੇ 30 ਜਨਵਰੀ ਨੂੰ ਸੁਣਵਾਈ ਹੋਵੇ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਪੰਜ ਹੋਰ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦੇ ਕੇ ਕਿਹਾ ਹੈ ਕਿ ਪੰਜਾਬ ਵਿਚ ਉਹਨਾਂ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਇਹਨਾਂ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਣੀ ਚਾਹੀਦੀ ਹੈ। ਉਹਨਾਂ ਨੇ ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਅਤੇ ਪ੍ਰਦੀਪ ਸਿੰਘ ਦਾ ਕਤਲ ਹੋਣ ਦਾ ਵੀ ਹਵਾਲਾ ਦਿੱਤਾ ਹੈ।

ਬੇਅਦਬੀ ਮਾਮਲੇ ਵਿਚ ਤਿੰਨ ਕੇਸਾਂ ਦੀ ਸੁਣਵਾਈ ਪੰਜਾਬ ਦੀ ਫਰੀਦਕੋਟ ਅਦਾਲਤ ਵਿਚ ਚਲ ਰਹੀ ਹੈ। ਇਹਨਾਂ ਵਿਚ 1 ਜੁਲਾਈ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ, ਇਸ ਮਗਰੋਂ 24 ਸਤੰਬਰ 2015 ਦੀ ਰਾਤ ਨੂੰ ਬਰਗਾੜੀ ਵਿਚ ਮੰਦੀ ਸ਼ਬਦਾਵਲੀ ਵਾਲੇ ਪੋਸਟ ਲਗਾਉਣ ਅਤੇ 12 ਅਕਤੂਬਰ 2015 ਨੂੰ ਬਰਗਾੜੇ ਨੇੜੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿਚ ਖਿਲਾਰੇ ਜਾਣ ਦੇ ਮਾਮਲੇ ਸ਼ਾਮਲ ਹਨ।

ਇਹਨਾਂ ਕੇਸਾਂ ਵਿਚ ਕੁੱਲ 12 ਮੁਲਜ਼ਮ ਹਨ ਜਿਹਨਾਂ ਵਿਚੋਂ ਤਿੰਨ ਨੂੰ ਭਗੌੜਾ ਐਲਾਨਿਆ ਜਾ ਚੁੱਕਾ ਹੈ ਜਦੋਂ ਕਿ ਦੋ ਦੀ ਮੌਤ ਹੋ ਚੁੱਕੀ ਹੈ। ਪੰਜ ਮੁਲਜ਼ਮਾਂ ਸੁਖਜਿੰਦਰ ਸਿੰਘ ਉਰਫ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਨਿਸ਼ਾਨ ਸਿੰਘ ਅਤੇ ਲਬਜੀਤ ਸਿੰਘ ਨੇ ਦਸੰਬਰ ਵਿਚ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ।