ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿੱਖਾਂ ਵਿਰੁੱਧ ਭੜਕਾਊ ਤੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਹ ਪੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਲਿਖਿਆ ਗਿਆ ਹੈ, ਜੋ ਉਨ੍ਹਾਂ ਨੇ ਡੀਸੀਪੀ ਪ੍ਰਮਿੰਦਰ ਸਿੰਘ ਭੰਡਾਲ ਨੂੰ ਸੌਂਪਿਆ। ਪ੍ਰਤਾਪ ਸਿੰਘ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਹਰਵਿੰਦਰ ਸੋਨੀ ਨਾਂ ਦੇ ਇਕ ਸ਼ਿਵ ਸੈਨਾ ਆਗੂ ਵੱਲੋਂ ਸ੍ਰੀ ਦਰਬਾਰ ਸਾਹਿਬ ‘’ਤੇ ਮੁੜ ਹਮਲਾ ਕਰਨ ਅਤੇ ਸਿੱਖਾਂ ਨੂੰ ਅੱਤਵਾਦੀ ਆਖਦਿਆਂ ਦੀ ਵੀਡੀਓ ਵਾਇਰਲ ਹੋਈ ਹੈ। ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਸ ਭੜਕਾਊਂ ਬਿਆਨ ਕਰਕੇ ਸਿੱਖਾਂ ਸੰਗਤਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਸ਼ਿਵ ਸੈਨਾ ਦੇ ਰਾਹੁਲ ਨਾਂ ਦੇ ਇਕ ਹੋਰ ਵਿਅਕਤੀ ਵੱਲੋਂ ਸਿੱਖਾਂ ਨੂੰ ਧਮਕੀਆਂ ਭਰਿਆਂ ਵੀਡੀਓ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮਾਹੌਲ ਵਿਚ ਗੜਬੜ ਪੈਦਾ ਕਰਨ ਵਾਲੇ ਬਿਆਨ ਹਨ, ਜਿਨ੍ਹਾਂ ਨਾਲ ਇਥੇ ਵੱਸਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ, ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖ਼ਤਰਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਦੋਹਾਂ ਵਿਅਕਤੀਆਂ ਖਿਲ਼ਾਫ ਬਣਦੀ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿਚ ਕੋਈ ਅਜਿਹੀ ਨਫ਼ਰਤ ਭਰੀ ਬਿਆਨਬਾਜ਼ੀ ਕਰਦਾ ਹੈ ਤਾਂ ਉਸ ਨੂੰ ਬਖ਼ਸ਼ਿਆ ਨਾ ਜਾਵੇ। ਪੁਲਿਸ ਕਮਿਸ਼ਨਰ ਨੂੰ ਪੱਤਰ ਸੌਂਪਣ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਦੇ ਨਾਲ ਮੈਨੇਜਰ ਸ. ਸੁਖਰਾਜ ਸਿੰਘ ਤੇ ਸ. ਹਰਪ੍ਰੀਤ ਸਿੰਘ ਵੀ ਮੌਜੂਦ ਸਨ।









