ਅੱਜ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੀ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਸੀ। ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਦਰਜ ਐਫਆਈਆਰ ਰੱਦ ਕਰਨ ਬਾਰੇ ਕੋਈ ਰਾਹਤ ਨਹੀਂ ਦਿੱਤੀ ਹੈ ਅਤੇ ਗਿਲਜੀਆ ਵਲੋਂ ਐਫਆਈਆਰ ਰੱਦ ਕਰਨ ਲਈ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਉਹ ਪਹਿਲਾਂ ਲੋਅਰ ਕੋਰਟ ਵਿਚ ਆਗਾਮੀ ਜ਼ਮਾਨਤ ਲਈ ਅਰਜੀ ਦਾਇਰ ਕਰਨ।

ਗਿਲਜੀਆਂ ‘ਤੇ ਦਰੱਖਤਾਂ ਦੀ ਨਾਜਾਇਜ਼ ਕਟਾਈ ਦਾ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਗਿਲਜੀਆਂ ਨੂੰ ਵਿਜੀਲੈਂਸ ਬਿਊਰੋ ਨੇ ਨਾਮਜ਼ਦ ਕੀਤਾ ਸੀ।

ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲ ਘੁਟਾਲੇ ਵਿਚ ਕੇਸ ਦਰਜ ਕੀਤਾ ਸੀ। ਜਿਸ ਵਿਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਧਰਮਸੋਤ ਨੂੰ ਵਿਜੀਲੈਂਸ ਨੇ ਅਮਲੋਹ ਸਥਿਤ ਉਸ ਦੇ ਘਰ ਤੋਂ ਤੜਕੇ 3 ਵਜੇ ਗ੍ਰਿਫ਼ਤਾਰ ਕੀਤਾ ਸੀ।

ਇਸ ਤੋਂ ਬਾਅਦ ਜਦੋਂ ਗਿਲਜੀਆਂ ਦਾ ਨਾਂ ਸਾਹਮਣੇ ਆਇਆ ਤਾਂ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਕੇਸ ਵਿਚ ਕਿਹਾ ਗਿਆ ਹੈ ਕਿ ਗਿਲਜੀਆਂ ਦੇ ਮੰਤਰੀ ਰਹਿੰਦੇ ਹੋਏ ਟ੍ਰੀ-ਗਾਰਡ ਖਰੀਦੇ ਗਏ ਸਨ ਜਿਸ ਵਿਚ ਕਰੀਬ 6 ਕਰੋੜ ਤੋਂ ਵੱਧ ਦੀ ਗੜਬੜੀ ਹੋਈ ਹੈ। ਜੰਗਲਾਤ ਅਧਿਕਾਰੀਆਂ ਦੀ ਪੁੱਛਗਿੱਛ ‘ਚ ਹੋਏ ਖੁਲਾਸੇ ਤੋਂ ਬਾਅਦ ਗਿਲਜੀਆਂ ਨੂੰ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ।