ਮਾਨਸਾ : ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਿੰਡ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਹੁਣ ਸਿੱਧੂ ਦੀ ਬਰਸੀ ਅਨਾਜ ਮੰਡੀ ਮਾਨਸਾ ‘ਚ ਮਨਾਈ ਜਾਵੇਗੀ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ 19 ਮਾਰਚ, 2023 ਨੂੰ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਸਵ: ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਮੁੱਖ ਰੱਖਦੇ ਹੋਏ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਇਸ ਸਮੇਂ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਹੋਰ ਉੱਘੀਆਂ ਸਖ਼ਸ਼ੀਅਤਾਂ ਅਤੇ ਆਮ ਪਬਲਿਕ ਦੇ ਵੱਡੀ ਗਿਣਤੀ ਵਿਚ ਇਕੱਠ ਹੋਣ ਦੀ ਸੰਭਾਵਨਾ ਹੈ। ਇਸ ਲਈ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ 19 ਮਾਰਚ, 2023 ਨੂੰ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਹੋਵੇਗੀ। ਇਹ ਹੁਕਮ 19 ਮਾਰਚ, 2023 ਲਈ ਲਾਗੂ ਰਹੇਗਾ।