ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕੀਤੀ ।ਇਸ ਵਫਦ ਵਿੱਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ।ਇਸ ਵਫਦ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਰਾਜਪਾਲ ਨੂੰ ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਸੌਂਪਿਆ ਗਿਆ।

ਪੰਜਾਬ ਦੇ ਰਾਜਪਾਲ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਸ ਵਫਦ ਵੱਲੋਂ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਹਰ ਕਦਮ ’ਤੇ ਕਾਨੂੰਨ ਦੇ ਰਾਜ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਸਰਕਾਰ ਸਿੱਖਾਂ ਨੂੰ ਖ਼ਤਮ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਮੰਗ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਅਜਨਾਲਾ ਵਿਖੇ ਪੁਲਿਸ ਸਟੇਸ਼ਨ ’ਤੇ ਹਿੰਸਾ ਦੇ ਮਾਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ । ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਵਿੱਚ ਉਸ ਦੀ ਮਦਦ ਕਰਨ ਵਾਲੇ ਲੋਕਾਂ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ । ਹਾਲਾਂਕਿ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਭਰੋਸਾ ਦਿੱਤਾ ਹੈ ਕਿ ਬੇਗੁਨਾਲ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ ਉਨ੍ਹਾਂ ਤੋਂ ਸਿਰਫ ਪੁੱਛਗਿੱਛ ਕਰ ਕੇ ਛੱਡ ਦਿੱਤਾ ਜਾਵੇਗਾ ।

ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਜੋ ਲੋਕ ਬੇਗੁਨਾਹ ਹਨ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਪਰ ਜੇ ਕੋਈ ਕਸੂਰਵਾਰ ਹੋਵੇਗਾ ਤਾਂ ਉਸ ਨੂੰ ਮਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ । ਅਜਿਹੇ ਲੋਕਾਂ ਦੇ ਖਿਪਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।