ਲਾਰੈਂਸ ਬਿਸ਼ਨੋਈ ਦੇ ਰਿਮਾਂਡ ‘ਚ ਵਾਧਾ ਹੋ ਗਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਸਵੇਰੇ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 6 ਜੁਲਾਈ ਤੱਕ 8 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਦੀ ਪੇਸ਼ੀ ਤੋਂ ਪਹਿਲਾਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਅੰਮ੍ਰਿਤਸਰ ਪੁਲਿਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਪੁਲਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛ-ਗਿੱਛ ਲਈ ਉਸ ਨੂੰ ਪੰਜਾਬ ਪੁਲਿਸ ਨੇ ਰਿਮਾਂਡ ’ਤੇ ਪੰਜਾਬ ਲਿਆਂਦਾ ਹੈ।
ਉਸ ਤੋਂ ਪੁੱਛ-ਗਿੱਛ ਦੌਰਾਨ ਕਈ ਅਹਿਮ ਖ਼ੁਲਾਸੇ ਹੋਏ ਹਨ। ਉਸ ਦਾ 6 ਦਿਨਾਂ ਰਿਮਾਂਡ ਖ਼ਤਮ ਹੋ ਗਿਆ ਸੀ ਅਤੇ ਅੰਮ੍ਰਿਤਸਰ ਪੁਲਿਸ ਨੇ ਉਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ, ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਅਦਾਲਤ ਨੇ 6 ਜੁਲਾਈ ਤੱਕ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਭੇਜ ਦਿੱਤਾ ਹੈ।