ਦੇਸ਼ ਅੰਦਰ ਮੁੜ ਤੋਂ ਕੋਰੋਨਾ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸ ਲਈ ਵੱਖ-ਵੱਖ ਸੂਬਿਆਂ ‘ਚ ਅਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।ਅੰਮ੍ਰਿਤਸਰ ’ਚ ਇਸ ਸਾਲ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਲੰਡਨ ਦੀ ਰਹਿਣ ਵਾਲੀ 60 ਸਾਲਾ ਔਰਤ ਸਾਹ ਦੀ ਸਮੱਸਿਆ ਕਾਰਨ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਹੈ। ਇਹ ਔਰਤ ਇਕ ਵਿਆਹ ਵਿਚ ਸ਼ਾਮਲ ਹੋਣ ਲਈ ਭਾਰਤ ਆਈ ਸੀ ਅਤੇ ਅੰਮ੍ਰਿਤਸਰ ਦੇ ਇਕ ਨਿੱਜੀ ਹੋਟਲ ਵਿਚ ਰੁਕੀ ਹੋਈ ਸੀ।
ਇਸ ਔਰਤ ਦਾ ਪ੍ਰਾਈਵੇਟ ਲੈਬ ਤੋਂ ਆਰ. ਟੀ. ਪੀ. ਸੀ. ਆਰ. ਦੇ ਸੈਂਪਲ ਲੈ ਕੇ ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ ਕੀਤੀ ਗਈ ਹੈ, ਜਦਕਿ ਔਰਤ ਦਾ ਸਰਕਾਰੀ ਤੌਰ ’ਤੇ ਟੈਸਟ ਨਹੀਂ ਹੋਇਆ ਹੈ ਅਤੇ ਸਿਹਤ ਵਿਭਾਗ ਵੀ ਅਜੇ ਤੱਕ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ।
ਜਾਣਕਾਰੀ ਅਨੁਸਾਰ ਲੰਡਨ ਤੋਂ ਆਈ ਔਰਤ ਨੂੰ ਤਿੰਨ ਦਿਨ ਪਹਿਲਾਂ ਸਾਹ ਲੈਣ ’ਚ ਤਕਲੀਫ਼ ਹੋ ਰਹੀ ਸੀ ਅਤੇ ਉਸ ਨੂੰ ਬੁਖਾਰ ਵੀ ਸੀ। ਜਦੋਂ ਔਰਤ ਨੂੰ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਤਾਂ ਉਸ ਦੇ ਐਕਸਰੇ ਕਰਵਾਏ, ਜਿਸ ’ਚ ਨਿਮੋਨੀਆ ਅਤੇ ਹੋਰ ਵਾਇਰਸ ਦੇ ਲੱਛਣ ਦਿਖਾਈ ਦਿੱਤੇ। ਇਸ ਤੋਂ ਬਾਅਦ ਇਕ ਪ੍ਰਾਈਵੇਟ ਲੈਬ ਤੋਂ ਔਰਤ ਦਾ ਆਰ. ਟੀ. ਪੀ. ਸੀ. ਆਰ. ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਦਾ ਕੋਈ ਵੀ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਦੂਜੇ ਪਾਸੇ ਜਦੋਂ ਪੰਜਾਬ ਦੇ ਕੋਰੋਨਾ ਵਾਇਰਸ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਅਣਜਾਣਤਾ ਜ਼ਾਹਿਰ ਕਰਦਿਆਂ ਕਿਹਾ ਕਿ ਕੋਈ ਪਾਜ਼ੇਟਿਵ ਕਿਵੇਂ ਆਇਆ ਹੈ, ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦਾ ਭਰਾ ਨਾਲ ਹੋਇਆ ਝਗੜਾ, ਇੱਕ ਮਹਿਲਾ ਦੀ ਮੌਤ
ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਹੀ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਹੀ ਪਹਿਲਾ ਕੇਸ ਪਾਜ਼ੇਟਿਵ ਆਇਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਸੀ ਕਿ ਇਸ ਕੇਸ ਨੂੰ ਪਾਜ਼ੇਟਿਵ ਐਲਾਨਿਆ ਜਾਵੇਗਾ, ਜਿਸ ਦਾ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ ਜਾਂ ਸਰਕਾਰੀ ਲੈਬਾਰਟਰੀ ’ਚ ਕੀਤਾ ਜਾਵੇਗਾ ਪਰ ਵਿਦੇਸ਼ ਤੋਂ ਆਈ ਮਹਿਲਾ ਦਾ ਟੈਸਟ ਪ੍ਰਾਈਵੇਟ ਲੈਬਾਰਟਰੀ ਵਿੱਚ ਕੀਤਾ ਗਿਆ ਹੈ।
ਸਿਹਤ ਵਿਭਾਗ ਅਜੇ ਵੀ ਔਰਤ ਦਾ ਸ਼ੱਕੀ ਮਾਮਲਾ ਮੰਨ ਰਿਹਾ ਹੈ ਅਤੇ ਉਸ ਨੂੰ ਪਾਜ਼ੇਟਿਵ ਨਹੀਂ ਦੱਸ ਰਿਹਾ ਹੈ। ਇਕ ਪਾਸੇ ਵਿਭਾਗ ਵਾਇਰਸ ਸਬੰਧੀ ਅਲਰਟ ਹੋ ਗਿਆ ਹੈ ਅਤੇ ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ, ਉਥੇ ਹੀ ਦੂਜੇ ਪਾਸੇ ਸਿਵਲ ਸਰਜਨ ਡਾ. ਵਿਜੇ ਕੁਮਾਰ ਖੁਦ ਸਰਕਾਰੀ ਛੁੱਟੀ ਤੋਂ ਬਾਅਦ ਦੇਰ ਸ਼ਾਮ ਤੱਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲਾਂ ਦਾ ਮੁਆਇਨਾ ਕਰਦੇ ਨਜ਼ਰ ਆਏ ਅਤੇ ਸੇਵਾਵਾਂ ਦਾ ਜਾਇਜ਼ਾ ਲੈਂਦੇ ਰਹੇ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਠੰਡ ’ਚ ਜ਼ਿਆਦਾ ਪ੍ਰਭਾਵ ਪਾਉਂਦਾ ਹੈ। ਜਦੋਂ ਭਾਰਤ ਵਿਚ ਇਹ ਵਾਇਰਸ ਸ਼ੁਰੂ ਹੋਇਆ ਤਾਂ ਪੰਜਾਬ ਦੇ ਹੁਸ਼ਿਆਰਪੁਰ ਦੇ ਵਸਨੀਕ, ਜੋ ਕਿ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਆਇਆ ਸੀ, ਦਾ ਪਹਿਲਾ ਪਾਜ਼ੇਟਿਵ ਕੇਸ ਆਇਆ ਸੀ ਅਤੇ ਉਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।