ਕੈਦੀਆਂ ਵੱਲੋਂ ਜੇਲ੍ਹ ‘ਚ ਜਨਮ ਦਿਨ ਦੀ ਪਾਰਟੀ ਮਨਾਉਣ ਦੇ ਮਾਮਲੇ ‘ਚ ਐਕਸ਼ਨ, 2 ਡਿਪਟੀ ਸੁਪਰਡੈਂਟਾਂ ‘ਤੇ ਡਿੱਗੀ ਗਾਜ਼

0
83

ਜੇਲ੍ਹ ਵਿੱਚ ਕੈਦੀਆਂ ਵੱਲੋਂ ਜਨਮ ਦਿਨ ਦੀ ਪਾਰਟੀ ਮਨਾਉਣ ਦੇ ਮਾਮਲੇ ‘ਚ ਦੱਸਿਆ ਜਾ ਰਿਹਾ ਹੈ ਕਿ ਵੱਡਾ ਐਕਸ਼ਨ ਹੋਇਆ ਹੈ।ਦੱਸ ਦਈਏ ਕਿ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵੱਲੋਂ ਜਨਮ ਦਿਨ ਦੀ ਪਾਰਟੀ ਮਨਾਈ ਗਈ ਅਤੇ ਇਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਜਾਂਚ ਸ਼ੁਰੂ ਹੋ ਗਈ ਤੇ ਇਸ ਜਾਂਚ ਵਿੱਚ ਜੇਲ੍ਹ ਦੇ ਦੋ ਡਿਪਟੀ ਸੁਪਰਡੈਂਟਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਸੂਤਰ ਅਨੁਸਾਰ ਪੁਲਿਸ ਨੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਦੇ ਨਾਲ ਹੀ ਇਨ੍ਹਾਂ ਦੋਵਾਂ ਬਾਰੇ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਦੋਵੇਂ ਦੋਸ਼ੀ ਮੁਲਾਜ਼ਮ ਰਿਸ਼ਵਤ ਲੈਂਦੇ ਹਨ।ਇਸ ਤੋਂ ਇਲਾਵਾ ਜੇਲ੍ਹ ਦੀਆਂ ਬੈਰਕਾਂ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਸਪਲਾਈ ਕਰਦੇ ਹਨ। ਦੋਵੇਂ ਰਿਸ਼ਵਤ ਲੈਂਦੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲਿਸ ਮੁਲਾਜ਼ਮ ਯੂਪੀਆਈ ਰਾਹੀਂ ਰਿਸ਼ਵਤ ਲੈਂਦੇ ਸਨ।

ਜਾਣਕਾਰੀ ਅਨੁਸਾਰ ਪੁਲਿਸ ਹੁਣ ਦੋਵਾਂ ਡਿਪਟੀ ਸੁਪਰਡੈਂਟਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਨ੍ਹਾਂ ਦੋਵਾਂ ਮੁਲਾਜ਼ਮਾਂ ਤੋਂ ਜੇਲ੍ਹ ਵਿੱਚ ਰੱਖੀ ਗਈ ਜਨਮਦਿਨ ਪਾਰਟੀ ਵਿੱਚ ਵਰਤੇ ਗਏ ਮੋਬਾਈਲ ਫ਼ੋਨ ਬਾਰੇ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਅਧਿਕਾਰੀ ਕੈਦੀਆਂ ਦੀ ਮਿਲੀਭੁਗਤ ਨਾਲ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।ਉਹ ਯੂਪੀਆਈ ਰਾਹੀਂ ਕੈਦੀਆਂ ਦੇ ਰਿਸ਼ਤੇਦਾਰਾਂ ਤੋਂ ਰਿਸ਼ਵਤ ਲੈਂਦੇ ਸਨ।

ਜਾਣਕਾਰੀ ਅਨੁਸਾਰ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ 17 ਜਨਵਰੀ ਨੂੰ ਜੇਲ੍ਹ ਦੇ ਚਾਰ ਕੈਦੀਆਂ ਆਸ਼ੂ ਅਰੋੜਾ, ਸਾਹਿਲ ਜਿੰਦਲ, ਰਾਮ ਰਤਨ, ਮੁਖਤਿਆਰ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਤਰਨਤਾਰਨ ਦੇ ਪਿੰਡ ਸਰਹਾਲੀ ਦੇ ਦਿਲਪ੍ਰੀਤ ਸਿੰਘ ਅਤੇ ਸਸਰਾਲੀ ਕਲਾਂ ਦੀ ਮਨਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ। ਮਨਦੀਪ ਕੌਰ ਅਤੇ ਦਿਲਪ੍ਰੀਤ ਨੇ ਪੁਲਿਸ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਅਧਿਕਾਰੀਆਂ ਦੀ ਮਦਦ ਨਾਲ ਜੇਲ੍ਹ ਵਿੱਚ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ।

ਡੀਸੀਪੀ ਦੇਹਾਤ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਜੇਲ੍ਹ ਦੇ ਕੈਦੀ ਦਿਲਪ੍ਰੀਤ ਸਿੰਘ ਅਤੇ ਮਨਦੀਪ ਕੌਰ ਰਾਹੀਂ ਨਸ਼ਾਖੋਰੀ ਦਾ ਸਾਮਾਨ ਅਤੇ ਮੋਬਾਈਲ ਫੋਨ ਖਰੀਦਦੇ ਸਨ। ਤੇਜਾ ਨੇ ਦੱਸਿਆ ਕਿ ਦਿਲਪ੍ਰੀਤ ਅਤੇ ਮਨਦੀਪ ਸਿੰਘ ਜੇਲ੍ਹ ਦੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਸੌਂਪਦੇ ਸਨ, ਜੋ ਪੈਸਿਆਂ ਦੇ ਬਦਲੇ ਕੈਦੀਆਂ ਤੱਕ ਪਹੁੰਚਾਉਂਦੇ ਸਨ।

ਪੁਲਿਸ ਜਾਂਚ ‘ਚ ਪਤਾ ਲੱਗਾ ਹੈ ਕਿ ਦੋਸ਼ੀ ਜੇਲ ਅਧਿਕਾਰੀ ਯੂ.ਪੀ.ਆਈ. ਰਾਹੀਂ ਭੁਗਤਾਨ ਪ੍ਰਾਪਤ ਕਰਦੇ ਸਨ। ਦੋਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਕਈ ਖੁਲਾਸੇ ਹੋ ਸਕਦੇ ਹਨ। ਇਸ ਤੋਂ ਪਹਿਲਾਂ ਮੁਲਾਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 7 ਵਿੱਚ ਜੇਲ੍ਹ ਐਕਟ ਦੀ ਧਾਰਾ 52ਏ (1), ਐਨਡੀਪੀਐਸ ਦੀ ਧਾਰਾ 21 ਅਤੇ ਆਈਪੀਸੀ ਦੀ ਧਾਰਾ 120ਬੀ ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ।

ਹੁਣ ਦੋ ਜੇਲ੍ਹ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਐਫਆਈਆਰ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਹਨ। ਡੀਸੀਪੀ ਤੇਜਾ ਨੇ ਦੱਸਿਆ ਕਿ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਪੁਲਿਸ ਯੂਪੀਆਈ ਲੈਣ-ਦੇਣ ਦੇ ਸਬੂਤ ਵਜੋਂ ਦੋਸ਼ੀ ਜੇਲ੍ਹ ਅਧਿਕਾਰੀਆਂ ਦੇ ਮੋਬਾਈਲ ਫ਼ੋਨ ਜ਼ਬਤ ਕਰੇਗੀ।

LEAVE A REPLY

Please enter your comment!
Please enter your name here