ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ।
ਮੀਤ ਹੇਅਰ ਖਿਲਾਫ਼ 24 ਅਕਤੂਬਰ 2020 ਨੂੰ ਆਈਪੀਸੀ ਦੀ ਧਾਰਾ 188 ਦੇ ਤਹਿਤ ਚੰਡੀਗੜ੍ਹ ‘ਚ ਇਕ ਐਫਆਈਆਰ ਦਰਜ ਕੀਤੀ ਗਈ ਸੀ ਜਦੋਂ ਉਹ ‘ਆਪ’ ਸਮਰਥਕਾਂ ਨਾਲ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਅੱਗੇ ਧਰਨਾ ਦੇਣ ਗਏ ਸੀ। ਇਸ ਮਾਮਲੇ ‘ਚ ਮੀਤ ਹੇਅਰ ਨੂੰ ਜ਼ਮਾਨਤ ਮਿਲ ਗਈ ਸੀ ਪਰ ਪਿਛਲੇ ਮਹੀਨੇ ਮੀਤ ਹੇਅਰ ਅਦਾਲਤ ‘ਚ ਪੇਸ਼ ਨਹੀਂ ਹੋਏ ਸਨ। ਜਿਸ ਕਾਰਨ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ।
ਇਸਦੇ ਨਾਲ ਹੀ ਉਨ੍ਹਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ। ਮੀਤ ਹੇਅਰ ਨੇ ਹਾਈਕੋਰਟ ਤੋਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।ਉਨ੍ਹਾਂ ਦੀ ਮੰਗ ਨੂੰ ਮੰਨਦਿਆਂ ਹਾਈਕੋਰਟ ਨੇ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਚੰਡੀਗੜ੍ਹ ਅਦਾਲਤ ਵਿੱਚ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।