ਦੇਸ਼ ‘ਚ ਮੁੜ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਸੀ। ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਆਉਣ ਵਾਲੇ ਤਿਉਹਾਰੀ ਸੀਜ਼ਨ ਨੂੰ ਧਿਆਨ ‘ਚ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਕੁਝ ਸਾਵਧਾਨੀਆਂ ਵਰਤਣ ਦੀ ਲੋੜ ਹੈ।
ਇਸ ਲੜੀ ਵਿੱਚ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਨੇ ਹੁਣ ਕੋਰੋਨਾ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ ਅਤੇ ਇੱਕ ਤਰ੍ਹਾਂ ਨਾਲ ਚੰਡੀਗੜ੍ਹ ਵਿੱਚ ਮਾਸਕ ਵਾਪਸ ਆ ਗਿਆ ਹੈ।
ਦੱਸ ਦਈਏ ਕਿ ਪ੍ਰਸ਼ਾਸਨ ਨੇ ਭੀੜ ਵਾਲੇ ਇਲਾਕਿਆਂ ਵਿੱਚ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਨਾਲ ਹੀ ਕਿਹਾ ਕਿ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਹਸਪਤਾਲ ਜਾਣ ਵਾਲੇ ਮਰੀਜ਼ਾਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਜੇਕਰ ਬੁਖਾਰ, ਜ਼ੁਕਾਮ ਅਤੇ ਸਾਹ ਲੈਣ ‘ਚ ਤਕਲੀਫ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਦੀ ਸਲਾਹ ਲਓ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਆਪਣੇ ਆਪ ਨੂੰ ਅਲੱਗ ਰੱਖਣਾ ਹੋਵੇਗਾ। ਪ੍ਰਸ਼ਾਸਨ ਨੇ ਭੀੜ ਵਾਲੇ ਇਲਾਕਿਆਂ ਵਿੱਚ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।








