ਜਲੰਧਰ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਸਵੇਰੇ-ਸਵੇਰੇ ਜ਼ਬਰਦਸਤ ਮੁੱਠਭੇੜ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ ਹੈ। ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਐਨਕਾਊਂਟਰ ਨਕੋਦਰ ਰੋਡ ‘ਤੇ ਹੋਇਆ ਹੈ। I-20 ਕਾਰ ‘ਚ ਇਹ ਬਦਮਾਸ਼ ਸਵਾਰ ਸਨ।ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਹੋਏ ਇਸ ਆਪ੍ਰੇਸ਼ਨ ਦੌਰਾਨ ਦੋਵੇਂ ਗੈਂਗਸਟਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਮੁਕਾਬਲੇ ‘ਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਅਨੁਸਾਰ ਇਨ੍ਹਾਂ ਗੁਰਗਿਆਂ ਵਲੋਂ 2 ਵਿਅਕਤੀਆਂ ਦਾ ਕਤ.ਲ ਕਰਨ ਦਾ ਇਰਾਦਾ ਸੀ।
ਪੁਲਿਸ ਮੁਤਾਬਕ ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਿੰਗ ਅਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਸਨ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਗੈਂਗਸਟਰ ਕਈ ਅਪਰਾਧਕ ਤੇ ਗੰਭੀਰ ਮਾਮਲਿਆਂ ਵਿਚ ਸ਼ਾਮਲ ਸਨ। ਪੁਲਿਸ ਨੇ ਜਦੋਂ ਇਨ੍ਹਾਂ ਨੂੰ ਘੇਰਾ ਪਾਇਆ ਤਾਂ ਇਨ੍ਹਾਂ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਨਜ਼ਾਇਜ਼ ਹਥਿਆਰ ਤੇ ਜ਼ਿੰਦਾ ਕਾਰਤੂਸ ਵੀ ਮਿਲੇ ਹਨ।