ਪਲਾਸਟਿਕ ਦੇ ਲਿਫਾਫਿਆਂ ‘ਤੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ: ਮੀਤ ਹੇਅਰ

0
682

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਕ ਅਹਿਮ ਮੀਟਿੰਗ ਕਰਦਿਆਂ ਪ੍ਰਦੂਸ਼ਣ ਕੰਟਰੋਲ ਕਾਨੂੰਨਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਨਾਲ ਸਬੰਧਿਤ ਵੱਖ-ਵੱਖ ਮੁੱਦੇ ਜਿਵੇਂ ਪਾਣੀ ਦੀ ਜਾਂਚ, ਪਲਾਸਟਿਕ ਨਾਲ ਸਬੰਧਿਤ ਮੁੱਦੇ ਲਾਗੂ ਕਰਨ ਸਬੰਧੀ ਵਿਭਾਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਇਸ ਦੇ ਲਾਗੂ ਕਰਨ ਲਈ ਚੁੱਕੇ ਜਾਣ ਵਾਲੇ ਸੁਚੱਜੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਵਿਗਿਆਨ ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿੱਜ, ਪੀ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਈ.ਆਰ. ਕਰੁਨੇਸ਼ ਗਰਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਵਾਤਾਵਰਣ ਇੰਜੀਨੀਅਰ ਈ.ਆਰ. ਪਰਦੀਪ ਗੁਪਤਾ, ਈ.ਆਰ, ਜੀ.ਐੱਸ. ਮਜੀਠੀਆ ਤੇ ਈ.ਆਰ. ਗੁਲਸ਼ਨ ਰਾਏ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਵੱਖ-ਵੱਖ ਕਸਬਿਆਂ ਦੇ ਅੰਸ਼ਿਕ ਤੌਰ ‘ਤੇ ਸੋਧੇ/ਅਣਸੋਧੇ ਘਰੇਲੂ ਗੰਦੇ ਪਾਣੀ ਦੇ ਸੂਬੇ ਦੀਆਂ ਨਦੀਆਂ ਵਿੱਚ ਹੋਣ ਵਾਲੇ ਵਹਾਅ ਨੂੰ ਰੋਕਣ ਦੇ ਮਾਮਲੇ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਪਲਾਸਟਿਕ ਦੇ ਲਿਫਾਫਿਆਂ ‘ਤੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀਆਂ ਵਸਤੂਆਂ ਬਾਰੇ ਨਿਰਮਾਤਾਵਾਂ, ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬੇ ਵਿੱਚ ਹਵਾ ਦੀ ਗੁਣਵੱਤਾ ‘ਚ ਸੁਧਾਰ ਲਿਆਉਣ ਦੇ ਨਾਲ-ਨਾਲ ਮੌਜੂਦਾ ਬਰਸਾਤ ਦੇ ਸੀਜ਼ਨ ਦੌਰਾਨ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਅਤੇ ਮੌਜੂਦਾ ਮਾਨਸੂਨ/ਵਣ ਮਹਾਉਤਸਵ ਸੀਜ਼ਨ ਦੌਰਾਨ ਛੋਟੇ/ਸ਼ਹਿਰੀ ਜੰਗਲਾਂ ਦੇ ਵਿਕਾਸ ਅਤੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਪਰਾਲੀ ਸਾੜਨ ਦੇ ਮੁੱਦੇ ‘ਤੇ ਚਰਚਾ ਕਰਦਿਆਂ ਬੋਰਡ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਵੱਖ-ਵੱਖ ਉਦਯੋਗਾਂ ਵੱਲੋਂ ਕੀਤੇ ਜਾ ਰਹੇ ਮੌਕੇ ’ਤੇ (ਖੇਤ ਵਿੱਚ ਹੀ) ਬਾਅਦ ਵਿੱਚ ਅਪਣਾਏ ਜਾਣ ਵਾਲੇ ਉਪਾਵਾਂ ਅਤੇ ਝੋਨੇ ਦੀ ਪਰਾਲੀ ਦੀ ਬਾਲਣ ਵਜੋਂ ਵਰਤਣ ਸਬੰਧੀ ਜਾਣਕਾਰੀ ਦਿੱਤੀ।

ਵਾਤਾਵਰਣ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹੋਰ ਉਦਯੋਗਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਆਪਣੇ ਬਾਇਲਰਾਂ ਵਿੱਚ ਬਾਲਣ ਵਜੋਂ ਵਰਤਣ ਲਈ ਉਤਸ਼ਾਹਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵਾਤਾਵਰਣ ਸਬੰਧੀ ਵੱਖ-ਵੱਖ ਕਾਨੂੰਨਾਂ ਦੀ ਸਹੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਉਦਯੋਗਿਕ ਇਕਾਈਆਂ ਦੀ ਵੱਧ ਤੋਂ ਵੱਧ ਚੈਕਿੰਗ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

LEAVE A REPLY

Please enter your comment!
Please enter your name here