ਪਾਕਿਸਤਾਨ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਪ੍ਰਦਾਨ ਕੀਤੀ ਗਈ ਹੈ। ਪਾਕਿਸਤਾਨ ਵਿਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਇੱਕ ਵੱਖਰੀ ਕੌਮ ਮੰਨਿਆ ਜਾਵੇਗਾ।
ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਪਾਕਿਸਤਾਨ ਅੰਕੜਾ ਬਿਊਰੋ ਵੱਲੋਂ ਮਰਦਮਸ਼ੁਮਾਰੀ ਫਾਰਮ ਵਿਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਇਕ ਵੱਖਰੇ ਖਾਨੇ ਵਿਚ ਦਰਜ ਕੀਤਾ ਜਾਵੇਗਾ।
ਹੁਣ ਤੱਕ ਸਿੱਖ ਭਾਈਚਾਰੇ ਦੀ ਗਿਣਤੀ ਹੋਰ ਧਰਮਾਂ ਦੇ ਨਾਮ ਹੇਠ ਇਕ ਕਾਲਮ ਵਿਚ ਹੁੰਦੀ ਸੀ, ਜਿਸ ਕਾਰਨ ਸਿੱਖ ਭਾਈਚਾਰੇ ਦੀ ਸਹੀ ਗਿਣਤੀ ਬਾਰੇ ਅੰਕੜੇ ਨਹੀਂ ਸਨ। ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੂੰ ਇਹ ਹੱਕ ਲੰਮੀ ਲੜਾਈ ਮਗਰੋਂ ਪ੍ਰਾਪਤ ਹੋਇਆ ਹੈ।
ਇਸ ਮਾਮਲੇ ਵਿਚ ਅਕਤੂਬਰ 2018 ਵਿਚ ਸੁਪਰੀਮ ਕੋਰਟ ਵੱਲੋਂ ਪਾਕਿਸਤਾਨ ਅੰਕੜਾ ਬਿਊਰੋ ਦੇ ਚੀਫ ਕਮਿਸ਼ਨਰ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ ਕਿ ਮਰਦਮਸ਼ੁਮਾਰੀ ਵੇਲੇ ਸਿੱਖ ਭਾਈਚਾਰੇ ਨੂੰ ਵੱਖਰੇ ਧਰਮ ਵਜੋਂ ਮਾਨਤਾ ਦੇਣ ਲਈ ਮਰਦਮਸ਼ੁਮਾਰੀ ਫਾਰਮ ਵਿਚ ਵੱਖਰਾ ਕਾਲਮ ਬਣਾਇਆ ਜਾਵੇ। ਪਰ ਉਸ ਵੇਲੇ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਚੱਲ ਰਹੀ ਸੀ ਤੇ ਇਸ ਲਈ ਫਾਰਮ ਨੂੰ ਜਿਵੇਂ ਦਾ ਤਿਵੇਂ ਰੱਖਿਆ ਗਿਆ ਸੀ। ਪਰ ਹੁਣ ਭਵਿੱਖ ਵਿਚ ਹੋਣ ਵਾਲੀ ਮਰਦਮਸ਼ੁਮਾਰੀ ਵਿਚ ਸਿੱਖ ਭਾਈਚਾਰੇ ਲਈ ਵੱਖਰਾ ਕਾਲਮ ਹੋਵੇਗਾ।