ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਵੀ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿੱਚ ਆ ਗਏ ਹਨ। ਅੱਜ ਬੁੱਧਵਾਰ ਨੂੰ ਪਨਬੱਸ ਅਤੇ ਪੀਆਰਟੀਸੀ ਦੀਆਂ 3300 ਬੱਸਾਂ ਦੇ ਪਹੀਏ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰੁਕੇ ਰਹਿਣਗੇ।
ਇਸ ਦੌਰਾਨ ਮੁਲਾਜ਼ਮ ਬੱਸਾਂ ਖੜ੍ਹੀਆਂ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਸਰਕਾਰ ਦੇ ਬੱਸ ਡਿਪੂ ਵਿੱਚ 3-4 ਦਿਨਾਂ ਦਾ ਹੀ ਤੇਲ ਬਚਿਆ ਹੈ।
ਜਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਦੇਸ਼ ਭਰ ਵਿੱਚ ਟਰੱਕ ਅਤੇ ਬੱਸ ਡਰਾਈਵਰਾਂ ਦੀ ਹੜਤਾਲ ਜਾਰੀ ਰਹੀ। ਇਸ ਦਾ ਅਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲਿਆ।
ਪੰਜਾਬ ਵਿੱਚ ਕਰੀਬ 1.10 ਲੱਖ ਟਰੱਕਾਂ ਅਤੇ ਮਿੰਨੀ ਟਰੱਕਾਂ ਦੇ ਪਹੀਏ ਜਾਮ ਰਹੇ, ਜਿਸ ਕਾਰਨ ਉੱਤਰੀ ਭਾਰਤ ਵਿੱਚ ਪੈਟਰੋਲ, ਡੀਜ਼ਲ, ਸਬਜ਼ੀਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਵਿਘਨ ਪੈਣ ਲੱਗਾ ਹੈ। ਜਾਣਕਾਰੀ ਹੈ ਕਿ ਪੰਜਾਬ ਦੇ ਕਰੀਬ 40 ਫੀਸਦੀ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਖਤਮ ਹੋ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਰਾਸ਼ਨਿੰਗ ਸ਼ੁਰੂ ਹੋ ਗਈ ਹੈ।