ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਚਾਰ-ਵਟਾਂਦਰਾ ਹੋਵੇਗਾ। ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਮੰਤਰੀ ਹਰਜੋਤ ਬੈਂਸ ਅਤੇ ਗੁਰਮੀਤ ਮੀਤ ਹੇਅਰ ਵੀ ਹੋਣਗੇ।
ਕੈਬਨਿਟ ਸਬ-ਕਮੇਟੀ (Cabinet Sub-Committee) ਦੀ ਮੀਟਿੰਗ ਸੋਮਵਾਰ ਨੂੰ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ 30 ਜੂਨ ਨੂੰ ਹੋਈ ਕੈਬਨਿਟ ਮੀਟਿੰਗ ‘ਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਗ ਚੀਮਾ, ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਧਾਰਿਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਵਰਣਨਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਗ ਦੀ ਸਰਕਾਰ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮੁੱਦਾ ਗਰਮਾਇਆ ਰਿਹਾ। ਕੈਪਟਨ ਸਰਕਾਰ ਦੌਰਾਨ ਪਹਿਲਾਂ 3 ਮੈਂਬਰੀ ਤੇ ਫਿਰ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਇਸ ਤਰ੍ਹਾਂ ਚਰਨਜੀਤ ਸਿੰਘ ਚੰਨੀ ਦੇ ਸਮੇਂ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫਾਇਲ ਤਿਆਰ ਕਰਕੇ ਰਾਜਪਾਲ ਨੂੰ ਮਨਜ਼ੂਰੀ ਲਈ ਭੇਜੀ ਗਈ ਸੀ। ਅਕਾਲੀ ਦਲ ਸਰਕਾਰ ਤੇ ਕਾਂਗਰਸ ਸਰਕਾਰ ਵੇਲੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਵੋਟਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਹਾਲਾਂਕਿ ਆਪ ਸਰਕਾਰ ਬਣਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਮਹਿਨੇ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਕਈ ਕਾਨੂੰਨੀ ਬੰਦਿਸ਼ਾਂ ਇਨ੍ਹਾਂ ਮੁਲਾਜ਼ਮਾਂ ਨੂ ਪੱਕਾ ਕਰਨ ਲਈ ਰੋੜਾ ਬਣ ਰਹੀਆਂ ਹਨ। ਮੁੱਖ ਮੰਤਰੀ ਨੇ 30 ਜੂਨ ਨੂੰ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਸੀ।ਇਸਦੀ ਪਲੇਠੀ ਮੀਟਿੰਗ ਹੁਣ ਅੱਜ ਦੁਪਹਿਰ 3 ਵਜੇ ਰੱਖੀ ਗਈ ਹੈ।