ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਕੱਚੇ ਮੁਲਾਜ਼ਮਾਂ ਨੂੰ ਵੀ ਸੂਬਾ ਸਰਕਾਰ ਮੁਆਵਜ਼ਾ ਦੇਵੇਗੀ। ਪਾਵਰਕੌਮ ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਕੱਚਾ ਮੁਲਾਜ਼ਮ ਬਿਜਲੀ ਦਾ ਝਟਕਾ ਲੱਗਣ ਕਾਰਨ ਜ਼ਖ਼ਮੀ ਹੁੰਦਾ ਹੈ ਜਾਂ ਮਰਦਾ ਹੈ ਤਾਂ ਉਸ ਨੂੰ ਪੱਕੇ ਮੁਲਾਜ਼ਮਾਂ ਵਾਂਗ ਹੀ ਮੁਆਵਜ਼ਾ ਦਿੱਤਾ ਜਾਵੇਗਾ।
ਪਰ ਪਹਿਲਾਂ ਅਜਿਹਾ ਨਹੀਂ ਸੀ। ਪਹਿਲਾਂ ਮੁਆਵਜ਼ਾ ਸਿਰਫ਼ ਪੱਕੇ ਮੁਲਾਜ਼ਮਾਂ ਨੂੰ ਹੀ ਦਿੱਤਾ ਜਾਂਦਾ ਸੀ। ਇਹ ਹੁਕਮ ਪਾਵਰਕੌਮ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨੀਤੀ ਤਹਿਤ ਜਾਰੀ ਕੀਤੇ ਪੱਤਰ ਵਿੱਚ ਦਿੱਤੇ ਗਏ ਹਨ। ਜਿਸ ਤਹਿਤ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਇਸ ਨੀਤੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਾਵਰਕੌਮ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਠੇਕੇ ’ਤੇ ਕੰਮ ਕਰਦੇ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਾਰੀ ਨੋਟਿਸ (ਮੀਮੋ ਨੰਬਰ 7088/7613) ਵਿੱਚ ਦਿੱਤੀ ਗਈ ਹੈ। ਨੋਟਿਸ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਹੁਣ ਸੀਐਚਬੀ ਤੋਂ ਇਲਾਵਾ ਹੋਰ ਕੈਟਾਗਿਰੀ ਦੇ ਠੇਕਾ ਮੁਲਾਜ਼ਮਾਂ ਨੂੰ ਵੀ ਐਕਸ ਗ੍ਰੇਸ਼ੀਆ ਗ੍ਰਾਂਟ ਤਹਿਤ ਮੁਆਵਜ਼ਾ ਦਿੱਤਾ ਜਾਵੇਗਾ।
ਜਾਰੀ ਹੁਕਮਾਂ ਅਨੁਸਾਰ ਗਰੁੱਪ ਬੀਮਾ ਅਧੀਨ ਰਾਸ਼ੀ 5 ਲੱਖ ਤੋਂ 10 ਲੱਖ ਰੁਪਏ ਤੈਅ ਕੀਤੀ ਗਈ ਹੈ। ਮੁਲਾਜ਼ਮਾਂ ਨੂੰ ਉਸ ਹਿਸਾਬ ਨਾਲ ਪੈਸੇ ਦਿੱਤੇ ਜਾਣਗੇ।ਜ਼ਿਕਰਯੋਗ ਹੈ ਕਿ ਅਜਿਹਾ ਮੁਆਵਜ਼ਾ ਪਹਿਲਾਂ ਸਿਰਫ਼ ਪੱਕੇ ਮੁਲਾਜ਼ਮਾਂ ਨੂੰ ਹੀ ਦਿੱਤਾ ਜਾਂਦਾ ਸੀ। ਪਰ ਹੁਣ ਪੱਕੇ ਮੁਲਾਜ਼ਮਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਤਰਜ਼ ‘ਤੇ ਆਊਟਸੋਰਸ ਮੁਲਾਜ਼ਮਾਂ ਨੂੰ ਵੀ ਪੈਸੇ ਦਿੱਤੇ ਜਾਣਗੇ।