ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ, ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਡਾ. ਰਾਜੀਵ ਸੂਦ ਅਤੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਅਰੋੜਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਦੌਰਾਨ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਮਰੀਜ਼ਾਂ ਦੀਆਂ ਮੁਸ਼ਕਲਾਂ, ਡਾਕਟਰਾਂ ਦੀ ਘਾਟ ਅਤੇ ਬਿਲਡਿੰਗ ਦੀ ਹਾਲਤ ਬਾਰੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਜਾਣੂੰ ਕਰਵਾਇਆ।
ਇਸ ਉਪਰੰਤ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤ ਪੱਖੋਂ ਤੰਦਰੁਸਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਮ ਆਦਮੀ ਕਲੀਨਕ ਖੋਲ੍ਹੇ ਗਏ ਹਨ ਤੇ ਹੁਣ ਇਸੇ ਮੰਤਵ ਤਹਿਤ ਹੀ ਜਲਦ ਹੀ 5 ਨਵੇਂ ਮੈਡੀਕਲ ਕਾਲਜ ਵੀ ਸਥਾਪਿਤ ਕੀਤੇ ਜਾਣਗੇ। ਇਸ ਤੋਂ ਪਹਿਲਾ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਆਉਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।
ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸਿੱਖਿਆ ਦੇ ਨਾਲ ਨਾਲ ਸਿਹਤ ਪੱਖੋਂ ਵੀ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਰੱਖਿਆ ਜਾਵੇ ਤੇ ਇਸੇ ਤਹਿਤ ਹੀ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਸਿਹਤ ਕੇਂਦਰ ਦੀ ਬਿਲਡਿੰਗ ਵਿੱਚ ਪਈਆਂ ਤਰੇੜਾਂ ਦਾ ਜਾਇਜ਼ਾ ਲੈਣ ਮੌਕੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਦੀ ਜਾਂਚ ਕਰਵਾ ਕੇ ਠੀਕ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਵੀ ਪੰਜਾਬ ਸਰਕਾਰ ਪੂਰੀ ਯਤਨਸੀਲ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਕਿਹਾ ਕਿ ਲੋਕਾਂ ਨੂੰ ਇਲਾਜ ਲਈ ਇੱਥੇ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।
ਇਸ ਉਪਰੰਤ ਉਨ੍ਹਾਂ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਸਿਹਤ ਅਮਲੇ ਤੇ ਪ੍ਰਬੰਧਕੀ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਘਰਾਂ ਦੇ ਨਜਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਕ ਖੋਲ੍ਹੇ ਗਏ ਹਨ ਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ 23 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੋਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਇਸ ਮੌਕੇ ਡਾ. ਮਲਕੀਤ ਥਿੰਦ ਜ਼ਿਲ੍ਹਾ ਪ੍ਰਧਾਨ ਆਪ ਫਿਰੋਜ਼ਪੁਰ, ਸਿਵਲ ਸਰਜਨ ਡਾ ਕਵਿਤਾ ਸਿੰਘ, ਐਸ.ਐਮ.ਓ ਫਾਜ਼ਿਲਕਾ ਡਾ ਐਰਿਕ ਐਡੀਸਨ, ਐਸ.ਐਮ.ਓ ਜਲਾਲਾਬਾਦ ਸੁਮਿਤ ਲੂਨਾ, , ਮਾਰਕਿਟ ਕਮੇਟੀ ਚੇਅਰਮੈਨ ਦੇਵ ਰਾਜ ਸਰਮਾ, ਖੜਕ ਸਿੰਘ ਓਐਸਡੀ, ਸੁਖਵਿੰਦਰ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਬੱਬੂ ਡੋਡਾ ਵਪਾਰ ਮੰਡਲ ਪ੍ਰਧਾਨ ਜਲਾਲਾਬਾਦ, ਸਾਜਨ ਖੇੜਾ ਜੋਨ ਇੰਚਾਰਜ ਅਰਨੀਵਾਲਾ ਅਤੇ ਚਰਨਜੀਤ ਸਿੰਘ ਆਦਿ ਹਾਜਰ ਸਨ।