ਫ਼ਿਰੋਜ਼ਪੁਰ ਸ਼ਹਿਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰੀਬ 20 ਮਿੰਟ ਤੱਕ ਗੋਲੀਬਾਰੀ ਹੋਈ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਪੁਲਿਸ ਵੱਲੋਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਕ ਹੋਰ ਮੁਲਜ਼ਮ ਸੇਵਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਇਹ ਮੁਕਾਬਲਾ ਫ਼ਿਰੋਜ਼ਪੁਰ ਸ਼ਹਿਰ ਦੇ ਸੋਢੀ ਨਗਰ ਵਿੱਚ ਹੋਇਆ, ਜਿਸ ਵਿੱਚ ਗੈਂਗਸਟਰ ਸੁਭਾਸ਼ ਜ਼ਖ਼ਮੀ ਹਾਲਤ ਵਿੱਚ ਫੜਿਆ ਗਿਆ। ਉਸ ਖਿਲਾਫ ਕਤਲ ਦੇ ਤਿੰਨ ਮਾਮਲੇ ਦਰਜ ਹਨ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਦੋ ਮਹੀਨੇ ਪਹਿਲਾਂ ਹੋਏ ਕਤਲ ਕਾਂਡ ਦੇ ਮੁਲਜ਼ਮਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਉਕਤ ਸੂਚਨਾ ਦੇ ਆਧਾਰ ‘ਤੇ ਪੁਲਸ ਟੀਮ ਨੇ ਸੋਢੀਵਾਲਾ ਨੇੜੇ ਨਾਕਾ ਲਗਾਇਆ ਹੋਇਆ ਸੀ। ਜਦੋਂ ਪੁਲੀਸ ਨੇ ਮੁਲਜ਼ਮਾਂ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬ ‘ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ।ਪੁਲਸ ਦੀ ਜਵਾਬੀ ਗੋਲੀਬਾਰੀ ‘ਚ ਇਕ ਗੈਂਗਸਟਰ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖਮੀ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖਲ ਕਰਵਾਇਆ।
ਐਸਪੀ (ਡੀ) ਰਣਧੀਰ ਕੁਮਾਰ ਨੇ ਦੱਸਿਆ ਹੈ ਕਿ ਪੁਲਿਸ ਮੁਕਾਬਲੇ ਵਿੱਚ ਗੈਂਗਸਟਰ ਸੁਭਾਸ਼ ਦੇ ਨਾਲ-ਨਾਲ ਉਸਦਾ ਸਾਥੀ ਗੈਂਗਸਟਰ ਦੋਵੇਂ ਜ਼ਖਮੀ ਹੋ ਗਏ ਸਨ ਅਤੇ ਫ਼ਿਰੋਜ਼ਪੁਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।